ਅੰਮ੍ਰਿਤਸਰ, ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਮਗਰੋਂ ਇਹ ਮਾਮਲਾ ਆਗਾਮੀ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਸਤੇ ਵੱਡੀ ਸਿਰਦਰਦੀ ਸਾਬਤ ਹੋ ਸਕਦਾ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਵਿਰੋਧੀ ਸਿੱਖ ਜਥੇਬੰਦੀਆਂ ਵੱਲੋਂ ਅਕਾਲੀ ਦਲ ਨੂੰ ਘੇਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ, ਜਿਸ ਤਹਿਤ ਅੱਜ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖ਼ਿਲਾਫ਼ ਰੋਸ ਵਿਖਾਵੇ ਕੀਤੇ ਗਏ ਹਨ।
ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਕੁਨਾਂ ਵੱਲੋਂ ਅੱਜ ਸ਼ਾਮ ਨੂੰ ਭੰਡਾਰੀ ਪੁਲ ’ਤੇ ਪੁਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਦੀਆਂ ਤਸਵੀਰਾਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ, ਜਿਨ੍ਹਾਂ ’ਤੇ ‘ਪੰਥ’ ਦੇ ਗੱਦਾਰ ਲਿਖਿਆ ਹੋਇਆ ਸੀ। ਪ੍ਰਦਰਸ਼ਨਕਾਰੀ ਹਰਬੀਰ ਸਿੰਘ ਸੰਧੂ, ਨਵਦੀਪ ਸਿੰਘ, ਅਮਰੀਕ ਸਿੰਘ ਨੰਗਲ ਨੇ ਦੋਸ਼ ਲਾਇਆ ਕਿ ਬੇਅਦਬੀ ਘਟਨਾਵਾਂ ਲਈ ਪਿਛਲੀ ਅਕਾਲੀ ਸਰਕਾਰ ਦੋਸ਼ੀ ਹੈ, ਜਿਸ ਦੇ ਇਸ਼ਾਰੇ ’ਤੇ ਸ਼ਾਂਤਮਈ ਧਰਨਾ ਦੇ ਰਹੇ ਲੋਕਾਂ ’ਤੇ ਗੋਲੀ ਚਲਾਈ ਗਈ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਉਨ੍ਹਾਂ ਆਖਿਆ ਕਿ ਰਿਪੋਰਟ ਸਾਹਮਣੇ ਆਉਣ ਮਗਰੋਂ ਸਿੱਖ ਸੰਗਤ ਵਿੱਚ ਰੋਸ ਮੁੜ ਪ੍ਰਚੰਡ ਹੋ ਗਿਆ ਹੈ। ਉਨ੍ਹਾਂ ਬੇਅਦਬੀ ਕਾਂਡ ਦੇ ਦੋਸ਼ੀਆਂ ਵਾਸਤੇ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ। ਇਸ ਦੌਰਾਨ ਦਲ ਖਾਲਸਾ ਦੇ ਬੁਲਾਰੇ ਕੰਵਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਦੀਆਂ ਵਧੀਕੀਆਂ ਤੋਂ ਜਾਣੂ ਸਨ ਅਤੇ ਹੁਣ ਇਸ ਰਿਪੋਰਟ ਨੇ ਇਸ ਉਪਰ ਮੋਹਰ ਲਾ ਦਿੱਤੀ ਹੈ।

ਬਾਦਲ ਦੇ ਪੰਥਕ ਬਾਈਕਾਟ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਬਾਦਲਾਂ ਦਾ ਪੰਥਕ ਬਾਈਕਾਟ ਕਰਨ, ਜਿਨ੍ਹਾਂ ਦੇ ਰਾਜ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ’ਤੇ ਗੋਲੀ ਚਲਾਈ ਗਈ।