ਅਟਾਰੀ, 
ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਲਾਹੌਰ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਵਤਨ ਪਰਤ ਆਇਆ ਹੈ।
ਰੇਲਵੇ ਸਟੇਸ਼ਨ ਅਟਾਰੀ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਜਥਾ ਲੀਡਰ ਗੁਰਮੀਤ ਸਿੰਘ ਬੂਹ ਤੇ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੇ ਗੁਰੂ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਨਨਕਾਣਾ ਸਹਿਬ ਵਿਖੇ ਔਕਾਫ਼ ਬੋਰਡ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤ ਵੱਲੋਂ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਸਜਾਇਆ ਗਿਆ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਵੱਲੋਂ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਆਗੂਆਂ ਅਨੁਸਾਰ ਪਾਕਿਸਤਾਨ ਕਮੇਟੀ ਦੇ ਪ੍ਰਧਾਨ  ਅਤੇ ਪਾਕਿਸਤਾਨ ਔਕਾਫ਼ ਬੋਰਡ ਦੇ ਚੇਅਰਮੈਨ ਸਦੀਕ ਉਲ ਫਾਰੂਕ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਹੁਣੇ ਤੋਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਥੇ ਦੇ ਆਗੂਆਂ ਨੇ ਦੱਸਿਆ ਕਿ ਚੇਅਰਮੈਨ ਸਦੀਕ ਉਲ ਫਾਰੂਕ ਨੇ ਜਥੇ ਦੇ ਆਗੂਆਂ ਨੂੰ ਆਪਣੀ ਰਿਹਾਇਸ਼ ’ਤੇ ਦੁਪਹਿਰ ਦੇ ਖਾਣੇ ਤੇ ਵੀ ਬੁਲਾਇਆ। ਚੇਅਰਮੈਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਦੇ ਦਸ ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਨਨਕਾਣਾ ਸਾਹਿਬ ਵਿਖੇ ਹੀ ਬਣਾਈ ਜਾਵੇਗੀ।
ਇਸ ਮੌਕੇ ਸ੍ਰੀ ਝਬਾਲ ਨੇ ਦੱਸਿਆ ਕਿ ਇਸ ਵਾਰ ਨਨਕਾਣਾ ਸਾਹਿਬ ਵਿਖੇ ਪੁੱਜੇ ਤਿੰਨ ਸ਼ਰਧਾਲੂਆਂ ਦੀ ਦਿਲ ਦੇ ਦੌਰੇ ਨਾਲ ਮੌਤ ਹੋ ਗਈ। ਇਨ੍ਹਾਂ ਵਿੱਚ ਭਾਰਤ ਦੀ ਸ਼ਾਂਤੀ ਦੇਵੀ (ਨਵੀਂ ਦਿੱਲੀ), ਦੂਜਾ ਇੰਗਲੈਂਡ ਨਾਲ ਸਬੰਧਤ ਤੇ ਤੀਜਾ ਪਿਸ਼ਾਵਰ ਨਾਲ ਸਬੰਧਤ ਵਿਅਕਤੀ ਸੀ। ਇਸ ਮੌਕੇ ਸ਼ਰਧਾਲੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਏਸੀ ਬੱਸ ਦੀ ਪ੍ਰਤੀ ਯਾਤਰੀ ਟਿਕਟ 400-600 ਰੁਪਏ ਰੱਖੀ ਗਈ ਸੀ, ਪਰ ਬਾਅਦ ਵਿੱਚ 400 ਰੁਪਏ ਵਾਲੀ ਟਿਕਟ ਖਤਮ ਕਰ ਕੇ 600 ਰੁਪਏ ਕਿਰਾਇਆ ਮੰਗਣ ’ਤੇ ਸਿੱਖ ਯਾਤਰੀਆਂ ਨੇ ਰੋਸ ਪ੍ਰਗਟਾਇਆ।