ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਅੰਦਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਕ੍ਰਿਕਟਰ ਅਤੇ ਪਾਰਟੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਮੁਸ਼ਕਿਲਾਂ ਵਿੱਚ ਫਸਦੀ ਨਜ਼ਰ ਆ ਰਹੀ ਹੈ। ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਰੰਧਾਵਾ ਦੇ ਨੋਟਿਸ ਵਿੱਚ ਡਾ. ਨਵਜੋਤ ਕੌਰ ਤੋਂ ਸੱਤ ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।
ਇਹ ਨੋਟਿਸ ਇਸ ਆਧਾਰ ‘ਤੇ ਜਾਰੀ ਕੀਤਾ ਗਿਆ ਕਿ ਨਵਜੋਤ ਕੌਰ ਨੇ ਰੰਧਾਵਾ ‘ਤੇ ਗੰਭੀਰ ਦੋਸ਼ ਲਗਾਏ ਸਨ। ਬੀਤੇ ਦਿਨੀਂ ਨਵਜੋਤ ਕੌਰ ਸਿੱਧੂ ਨੇ ਦੋਸ਼ ਲਗਾਇਆ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸਬੰਧ ਸਨ ਅਤੇ ਉਸਨੇ ਰਾਜਸਥਾਨ ਵਿੱਚ ਟਿਕਟਾਂ ਵੇਚ ਕੇ ਕਾਂਗਰਸ ਨੂੰ ਨੁਕਸਾਨ ਪਹੁੰਚਾਇਆ, ਜਿਸ ਕਾਰਨ ਕਾਂਗਰਸ ਦੀ ਹਾਰ ਹੋਈ। ਜਿਸ ਦੇ ਜਵਾਬ ਵਿੱਚ, ਰੰਧਾਵਾ ਨੇ ਕਾਨੂੰਨੀ ਨੋਟਿਸ ਭੇਜਿਆ ਹੈ ਦੱਸ ਦਈਏ ਕਿ ਪੰਜਾਬ ਕਾਂਗਰਸ ਤੋਂ ਮੁਅੱਤਲ ਕੀਤੇ ਜਾਣ ਦੇ ਬਾਵਜੂਦ, ਨਵਜੋਤ ਕੌਰ ਸਿੱਧੂ ਦਾ ਦੇ ਤੇਵਰ ਨਰਮ ਨਹੀਂ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਨੋਟਿਸ ਬਹੁਤ ਜਾਰੀ ਕੀਤੇ ਜਾਂਦੇ ਹਨ।
ਇਸ ਤੋਂ ਪਹਿਲਾਂ ਪਾਰਟੀ ਨੇ ਨਵਜੋਤ ਕੌਰ ਨੂੰ ਕਾਂਗਰਸ ਤੋਂ ਮੁਅੱਤਲ ਕਰ ਦਿੱਤਾ ਸੀ, ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਪਾਰਟੀ ਵਿੱਚੋਂ ਪੂਰੀ ਤਰ੍ਹਾਂ ਨਹੀਂ ਕੱਢਿਆ ਗਿਆ ਹੈ। ਨਵਜੋਤ ਕੌਰ ਦੇ ਇੱਕ ਬਿਆਨ ਨੇ ਪਾਰਟੀ ਅੰਦਰ ਹਲਚਲ ਮਚਾ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਤਾਂ ਹੀ ਸਰਗਰਮ ਹੋਣਗੇ ਜੇਕਰ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਇਆ ਜਾਂਦਾ ਹੈ। ਉਨ੍ਹਾਂ ਕੋਲ ਕਿਸੇ ਵੀ ਪਾਰਟੀ ਨੂੰ ਦੇਣ ਲਈ ਪੈਸੇ ਨਹੀਂ ਹਨ ਪਰ ਉਹ ਪੰਜਾਬ ਨੂੰ ‘ਸੁਨਹਿਰੀ ਸੂਬਾ’ ਬਣਾ ਸਕਦੇ ਹਨ, ਪਰ ਸਾਡੇ ਕੋਲ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਲਈ 500 ਕਰੋੜ ਰੁਪਏ ਨਹੀਂ ਹਨ। ਜੋ ਕੋਈ 500 ਕਰੋੜ ਰੁਪਏ ਵਾਲਾ ਬ੍ਰੀਫਕੇਸ ਦਿੰਦਾ ਹੈ, ਉਹ ਮੁੱਖ ਮੰਤਰੀ ਬਣਦਾ ਹੈ।”
