ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਸੰਮਨ ਮਾਮਲੇ ਸਬੰਧੀ ਪਟੀਸ਼ਨ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਨਸ਼ਾ ਤਸਕਰੀ ਦੇ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਖਹਿਰਾ ਨੇ ਇਸ ‘ਤੇ ਰੋਕ ਲਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਪਰ ਸ਼ੁੱਕਰਵਾਰ ਨੂੰ ਅਦਾਲਤ ਨੇ ਉਨ੍ਹਾਂ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਖਹਿਰਾ ਹੇਠਲੀ ਅਦਾਲਤ ਇਸ ਦਾ ਫੈਸਲਾ ਕਰੇਗੀ।
ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਸੁਖਪਾਲ ਖਹਿਰਾ ਮਾਮਲੇ ‘ਤੇ ਬੋਲਦਿਆਂ ਕਿਹਾ ਕਿ ਮਾਣਯੋਗ ਅਦਾਲਤ ਨੇ ਫਾਜ਼ਿਲਕਾ ਅਦਾਲਤ ਵਲੋਂ ਭੇਜੇ ਗਏ ਸੰਮਨ ਨੂੰ ਜਾਇਜ਼ ਠਹਿਰਾਇਆ ਹੈ ਪਰ ਸੁਖਪਾਲ ਖਹਿਰਾ ਖਿਲਾਫ ਜਾਰੀ ਹੋਏ ਗ੍ਰਿਫਤਾਰੀ ਵਾਰੰਟ ਨੂੰ ਗਲਤ ਦੱਸਦੇ ਹੋਏ ਉਨ੍ਹਾਂ ਨੂੰ ਸੰਮਨ ਭੇਜ ਕੇ ਬੁਲਾਉਣ ਦੀ ਗੱਲ ਕਹੀ ਹੈ। ਹਾਈਕੋਰਟ ਨੇ ਕਿਹਾ ਕਿ ਗੈਰ ਜ਼ਮਾਨਤੀ ਵਾਰੰਟ ਉਸ ਸਮੇਂ ਜਾਰੀ ਕੀਤੇ ਜਾਂਦੇ ਹਨ, ਜਦੋਂ ਕੋਈ ਪੇਸ਼ ਹੋਣ ਤੋਂ ਇਨਕਾਰ ਕਰਦਾ ਹੈ, ਇਸ ਲਈ ਸੁਖਪਾਲ ਖਹਿਰਾ ਨੂੰ ਸੰਮਨ ਭੇਜ ਕੇ ਬੁਲਾਉਣਾ ਚਾਹੀਦਾ ਹੈ। ਅਤੁਲ ਨੰਦਾ ਨੇ ਕਿਹਾ ਕਿ ਸੁਖਪਾਲ ਖਹਿਰਾ ਕੋਲ ਸੁਪਰੀਮ ਕੋਰਟ ‘ਚ ਜਾਣ ਦਾ ਰਸਤਾ  ਹੈ ਅਤੇ ਉਹ ਧਾਰਾ-136 ਤਹਿਤ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਸਕਦੇ ਹਨ।