ਨਡਾਲਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ। ਉਹ ਅੱਜ ਨਡਾਲਾ ਵਿੱਚ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਹੋਈ ਪੋਲ ਖੋਲ੍ਹ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇੱੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ।
ਤਸ਼ੱਦਦ ਕਰਨ ਵਾਲੇ ਪੁਲੀਸ ਅਧਿਕਾਰੀਆਂ ਨੂੰ ਕਾਨੂੰਨੀ ਦਾਇਰੇ ਵਿੱਚ ਰਹਿਣ ਦੀ ਨਸੀਹਤ ਦਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਦਰਜ ਕੀਤੇ ਜਾ ਰਹੇ ਝੂਠੇ ਪਰਚਿਆਂ ਦਾ ਸਰਕਾਰ ਬਣਨ ’ਤੇ ਹਿਸਾਬ-ਕਿਤਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਗੱਲਾਂ ਕਰਨ ਤੋਂ ਇਲਾਵਾ ਕੋਈ ਕੰਮ ਨਹੀਂ ਹੈ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਯੁਵਰਾਜ ਭੁਪਿੰਦਰ ਸਿੰਘ ਤੇ ਜਰਨੈਲ ਸਿੰਘ ਡੋਗਰਾਂਵਾਲਾ ਨੇ ਵੀ ਸੰਬੋਧਨ ਕੀਤਾ।
ਹਲਕਾ ਆਗੂ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦਿਆਂ ਹਲਕਾ ਵਰਕਰਾਂ ਵੱਲੋਂ 5.50 ਲੱਖ ਪਾਰਟੀ ਫੰਡ ਦਿੱਤਾ।
ਮਾਝਾ ਖੇਤਰ ਵਿੱਚ ਵੀ ਹੋਣਗੀਆਂ ਪੋਲ ਖੋਲ੍ਹ ਰੈਲੀਆਂ
ਸ਼੍ਰੋਮਣੀ ਅਕਾਲੀ ਦਲ ਵੱੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਸ਼ੁਰੂ ਕੀਤੀ ਪੋਲ ਖੋਲ ਰੈਲੀਆਂ ਹੁਣ ਜਲਦੀ ਹੀ ਮਾਝਾ ਖੇਤਰ ਵਿੱਚ ਵੀ ਕਰਨ ਦੀ ਯੋਜਨਾ ਹੈ। ਇਹ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਉਹ ਅੱਜ ਸੰਸਦ ਮੈਂਬਰ ਅਤੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਘਰ ਗਏ, ਜਿਥੇ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਤ ਕੁਝ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਆਦਿ ਹਾਜ਼ਰ ਸਨ।