ਪਟਿਆਲਾ,ਨਗਰ ਨਿਗਮ ਚੋਣਾਂ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਆਈਆਂ ਸ਼ਿਕਾਇਤਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਅਤੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਰਾਹੀਂ ਪੰਜ ਆਗੂਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰ ਕੇ ਜੁਆਬ ਮੰਗਿਆ ਹੈ| ਜਿਹੜੇ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਆਜ਼ਾਦ ਚੋਣ ਲੜੇ ਅਮਰਜੀਤ ਸਿੰਘ ਬਠਲਾ, ਇੰਡਸਟਰੀ ਵਿੰਗ ਦੇ ਪ੍ਰਧਾਨ ਗੁਰਵਿੰਦਰ ਸਿੰਘ ਸ਼ਕਤੀਮਾਨ, ਯੂਥ ਅਕਾਲੀ ਦਲ ਮਾਲਵਾ ਜ਼ੋਨ 2 ਦੇ ਬੁਲਾਰੇ ਸ਼ੇਰ ਪ੍ਰਤਾਪ ਸਿੰਘ ਸ਼ੈਰੀ ਸੰਧੂ ਅਤੇ ਜ਼ਿਲਾ ਜਨਰਲ ਸਕੱਤਰ ਹਰਭਜਨ ਸਿੰਘ ਓਬਰਾਏ ਸ਼ਾਮਲ ਹਨ| ਸੁਖਬੀਰ ਬਾਦਲ ਨੇ ਵਾਰਡ 37 ਤੋਂ ਅਕਾਲੀ ਦਲ ਦੇ ਇੱਕੋ ਇੱਕ ਜਿੱਤੇ ਕੌਂਸਲਰ ਰਵਿੰਦਰਪਾਲ ਸਿੰਘ ਜੋਨੀ ਕੋਹਲੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਪਿੱਠ ਥਾਪੜੀ|