ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰੇ ਕਾਂਗਰਸ ਸਰਕਾਰ

ਚੰਡੀਗੜ੍ਹ, 4 ਜਨਵਰੀ 2019
ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਸੇਵਾ ਕੇਂਦਰਾਂ ਦੀਆਂ ਫ਼ੀਸਾਂ ਵਿਚ ਵਾਧੇ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ ਰੋਜ਼ ਨਵੇਂ ਟੈਕਸ ਲਗਾ ਕੇ ਅਤੇ ਸਰਕਾਰੀ ਫ਼ੀਸਾਂ ਵਿਚ ਵਾਧਾ ਕਰ ਕੇ ਸਰਕਾਰ ਆਮ ਲੋਕਾਂ ਉੱਤੇ ਵਾਧੂ ਦਾ ਭਾਰ ਪਾ ਰਹੀ ਹੈ।
ਚੀਮਾ ਨੇ ਕਿਹਾ ਕਿ ਸੇਵਾ ਕੇਂਦਰਾਂ ਦੀਆਂ ਫ਼ੀਸਾਂ ਵਿਚ ਵਾਧੇ ਨਾਲ ਸਰਕਾਰ ਆਮ ਲੋਕਾਂ ਨੂੰ ਮਿਲਣ ਵਾਲੀ ਸਹੂਲਤ ਤੋਂ ਦੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢ ਤੋਂ ਹੀ ਸੇਵਾ ਕੇਂਦਰਾਂ ਉੱਤੇ ਅਨੇਕਾਂ ਸਵਾਲ ਉੱਠਦੇ ਰਹੇ ਹਨ ਅਤੇ ਪ੍ਰਾਈਵੇਟ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਦੇ ਦੋਸ਼ ਲੱਗਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਉੱਤੇ ਖ਼ਰਚ ਪੈਸਾ ਆਮ ਲੋਕਾਂ ਦੁਆਰਾ ਸਰਕਾਰ ਨੂੰ ਅਦਾ ਕੀਤੇ ਗਏ ਟੈਕਸ ਦਾ ਪੈਸਾ ਸੀ ਅਤੇ ਇਸ ਨਾਲ ਆਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਹੋਈ ਹੈ।
ਚੀਮਾ ਨੇ ਕਿਹਾ ਕਿ ਸਰਕਾਰ ਦੁਆਰਾ ਆਮ ਸੇਵਾਵਾਂ ਦੀਆਂ ਫ਼ੀਸਾਂ ਦੋ ਗੁਣਾ ਕਰਨਾ ਲੋਕਾਂ ਨਾਲ ਧੱਕਾ ਹੈ ਅਤੇ ਅਜਿਹਾ ਕਰ ਕੇ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਪਲਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚੋਂ ਵੀ ਮੁਨਾਫ਼ਾ ਕਮਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖ਼ਜ਼ਾਨਾ ਭਰਨ ਲਈ ਆਮ ਲੋਕਾਂ ਉੱਤੇ ਭਾਰ ਪਾਉਣ ਦੀ ਥਾਂ ਸਰਕਾਰ ਆਪਣੇ ਮੰਤਰੀਆਂ ਅਤੇ ਸਲਾਹਕਾਰਾਂ ਦੀ ਫ਼ੌਜ ਉੱਤੇ ਕੀਤੇ ਖ਼ਰਚ ਵਿਚ ਕਟੌਤੀ ਕਰੇ।
ਚੀਮਾ ਨੇ ਮੰਗ ਕੀਤੀ ਕਿ ਸਰਕਾਰ ਪ੍ਰਾਈਵੇਟ ਹੱਥਾਂ ਵਿਚ ਦਿੱਤੇ  ਸੇਵਾ ਕੇਂਦਰਾਂ ਨੂੰ ਆਪਣੇ ਅਧੀਨ ਲਵੇ ਤਾਂ ਜੋ ਪ੍ਰਾਪਤ ਮੁਨਾਫ਼ਾ ਪ੍ਰਾਈਵੇਟ ਕੰਪਨੀਆਂ ਦੀ ਥਾਂ ਸਰਕਾਰੀ ਖ਼ਜ਼ਾਨੇ ਵਿਚ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਸਰਕਾਰ ਤੋਂ ਮੰਗ ਕਰਦਿਆਂ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ ਕਿ ਕਿਸ ਪ੍ਰਕਾਰ ਉਹ ਘਰ ਬੈਠੇ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਇਨ੍ਹਾਂ ਸੇਵਾਵਾਂ ਦੀ ਹੋਮ ਡਿਲਿਵਰੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ।