ਹੁਸ਼ਿਆਰਪੁਰ, 15 ਜੂਨ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪਿਛਲੇ ਦਿਨੀਂ ਟਾਂਡਾ ਰੋਡ, ਹੁਸ਼ਿਆਰਪੁਰ ਵਿਖੇ ਵਾਪਰੇ ਸੜਕ ਹਾਦਸੇ ਸਬੰਧੀ ਸਖਤ ਨੋਟਿਸ ਲੈਂਦਿਆਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿੱਚ ਇਕ ਮਹਿਲਾ ਦੀ ਮੌਤ ਹੋ ਗਈ ਸੀ।
ਸ਼੍ਰੀਮਤੀ ਅਪਨੀਤ ਰਿਆਤ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਜਾਂਚ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਹਾਦਸੇ ਬਾਰੇ ਸਬੰਧਿਤ ਐਕਸੀਅਨ ਅਤੇ ਠੇਕੇਦਾਰ ਵਲੋਂ ਵਰਤੀ ਗਈ ਲਾਪ੍ਰਵਾਹੀ ਦੀ ਜਾਂਚ ਕੀਤੀ ਜਾਵੇ ਅਤੇ ਜਾਂਚ ਰਿਪੋਰਟ ਜਲਦੀ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਲਾਪ੍ਰਵਾਹੀ ਸਾਹਮਣੇ ਆਉਣ ’ਤੇ ਇਸ ਹਾਦਸੇ ਦੇ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਖਤ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਬਣ ਰਹੀਆਂ ਸੜਕਾਂ ਦੌਰਾਨ ਸਬੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਵਲੋਂ ਆਮ ਲੋਕਾਂ ਦੀ ਸੁਰੱਖਿਆ ਸਬੰਧੀ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜੇਕਰ ਲਾਪ੍ਰਵਾਹੀ ਕਾਰਨ ਜਾਨ ਲੇਵਾ ਹਾਦਸੇ ਸਾਹਮਣੇ ਆਏ, ਤਾਂ ਸਬੰਧਤ ਐਕਸੀਅਨ ਅਤੇ ਠੇਕੇਦਾਰ ਖਿਲਾਫ ਅਪਰਾਧਿਕ ਜ਼ਿੰਮੇਵਾਰੀ ਤੈਅ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।