ਚੰਡੀਗੜ੍ਹ, 14 ਫਰਵਰੀ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਸੂਬੇ ਵਿਚ ਸਿੱਖਿਆ ਦੇ ਅਧਿਕਾਰ ਐਕਟ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਗਰੀਬ ਪਰਿਵਾਰਾਂ ਦੇ ਬੱਚੇ ਵਿਦਿਆ ਤੋਂ ਵਾਂਝੇ ਰਹਿ ਰਹੇ ਹਨ।

ਸ੍ਰੀ ਖਹਿਰਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਬੇਦਕਰ ਭਲਾਈ ਮੰਚ ਖਰੜ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਇਤਰਾਜ਼ ਨਹੀਂ ਸਰਟੀਫਿਕੇਟ (ਐਨਸੀਓ) ਨਾ ਦੇਣ ਕਾਰਨ ਪ੍ਰਾਈਵੇਟ ਸਕੂਲਾਂ ਵਿਚ ਦਾਖਲੇ ਨਹੀਂ ਮਿਲ ਰਹੇ। ਸ੍ਰੀ ਖਹਿਰਾ ਨੇ ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਐਕਟ ਤਹਿਤ ਸਕੂਲਾਂ ਵਿਚ 25 ਫੀਸਦ ਦਾਖਲੇ ਗਰੀਬ ਵਰਗਾਂ ਨੂੰ ਦੇਣੇ ਲਾਜ਼ਮੀ ਹਨ। ਇਸ ਐਕਟ ਤਹਿਤ ਪਿੱਛਲੀ ਸਰਕਾਰ ਨੇ 10 ਅਕਤੂਬਰ 2011 ਨੂੰ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਅਜਿਹੇ ਗਰੀਬ ਬੱਚਿਆਂ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਦਾਖਲੇ ਨਾ ਹੋਣ ਦੀ ਸੂਰਤ ਵਿਚ ਇਹ ਬੱਚੇ ਪ੍ਰਾਈਵੇਟ ਸਕੂਲਾਂ ਵਿਚ ਤਾਂ ਹੀ ਦਾਖਲੇ ਲੈ ਸਕਦੇ ਹਨ ਜੇ ਉਨ੍ਹਾਂ ਨੂੰ ਸਬੰਧਤ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਐਨਸੀਓ ਜਾਰੀ ਕੀਤਾ ਜਾਂਦਾ ਹੈ। ਸ੍ਰੀ ਖਹਿਰਾ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਐਨਓਸੀ ਨਾ ਦੇਣ ਕਾਰਨ ਵੱਡੀ ਗਿਣਤੀ ਵਿਚ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਦਾਖਲੇ ਨਹੀਂ ਮਿਲ ਰਹੇ।