ਚੰਡੀਗੜ੍ਹ, ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਕਾਂਗਰਸ ਨੇ ਸਰਕਾਰੀ ਮਸ਼ਨੀਰੀ ਅਤੇ ਦਹਿਸ਼ਤ ਦੇ ਸਹਾਰੇ ਜਿੱਤੀ ਹੈ। ਜ਼ਿਮਨੀ ਚੋਣ ਬਾਰੇ ਸਮੀਖਿਆ ਮੀਟਿੰਗ ਤੋਂ ਬਾਅਦ ਅੱਜ ਇਥੇ ਸ੍ਰੀ ਸਾਂਪਲਾ ਨੇ ਦੋਸ਼ ਲਾਇਆ ਕਿ ਥਾਣੇ ਕਾਂਗਰਸ ਪਾਰਟੀ ਦੇ ਵਿੰਗ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਮੁਤਾਬਕ ਅਧਿਕਾਰੀਆਂ ਵੱਲੋਂ ਸਰਪੰਚਾਂ, ਮਿਊਂਸਿਪਲ ਕਮਿਸ਼ਨਰਾਂ ਨੂੰ ਕਿਹਾ ਗਿਆ ਕਿ ਜੇਕਰ ਉਨ੍ਹਾਂ ਦੇ ਵਾਰਡ ਵਿੱਚੋਂ ਕਾਂਗਰਸ ਦੇ ਉਮੀਦਵਾਰ ਦੀਆਂ ਵੋਟਾਂ ਘੱਟ ਨਿਕਲੀਆਂ ਤਾਂ ਉਨ੍ਹਾਂ ਵਿਰੁੱਧ ਕੇਸ ਦਰਜ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮੁੱਦਿਆਂ ਤੋਂ ਹਟ ਕੇ ਘਟੀਆ ਚੋਣ ਪ੍ਰਚਾਰ ਕੀਤਾ ਕਿਉਂਕਿ ਉਸ ਕੋਲ ਲੋਕਾਂ ਨੂੰ ਦੱਸਣ ਲਈ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਨਹੀਂ ਸਨ। ਸੂਤਰਾਂ ਮੁਤਾਬਕ ਸਮੀਖਿਆ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਅੰਦਰਖਾਤੇ ਕਾਂਗਰਸ ਨਾਲ ਰਲੇ ਹੋਣ ਅਤੇ ਸਿਰਫ਼ ਬਾਦਲਾਂ ਦਾ ਗੁਣਗਾਣ ਕਰਨ ਦੇ ਕਈ ਆਗੂਆਂ ਨੇ ਦੋਸ਼ ਲਾਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦਾ ਜ਼ਿਕਰ ਨਾ ਕਰਨਾ ਵੀ ਹਾਰ ਦਾ ਕਾਰਨ ਮੰਨਿਆ ਗਿਆ। ਸਵਰਨ ਸਲਾਰੀਆ ਦੀ ਚੋਣ ’ਤੇ ਵੀ ਸਵਾਲ ਉਠੇ ਅਤੇ ਕਿਹਾ ਗਿਆ ਕਿ ਕਿਸੇ ਹੋਰ ਨੂੰ ਉਮੀਦਵਾਰ ਬਣਾਉਣਾ ਚਾਹੀਦਾ ਸੀ। ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡਿਓ ਨੇ ਵੀ ਭਾਜਪਾ ਦੀ ਮੁਹਿੰਮ ਨੂੰ ਨੁਕਸਾਨ ਪਹੁੰਚਾਇਆ।

ਜਾਖੜ ਨੇ ਦੋਸ਼ਾਂ ਨੂੰ ਨਕਾਰਿਆ
ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਜੇਤੂ ਰਹੇ ਸੁਨੀਲ ਜਾਖੜ ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨੂੰ ਪਿਛਲੇ 10 ਸਾਲਾਂ ਵਿੱਚ ਅਪਣਾਈਆਂ ਗਈਆਂ ਲੋਕ ਵਿਰੋਧੀ ਨੀਤੀਆਂ ਕਰਕੇ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜਿੱਤ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਫਤਵਾ ਹੈ।