– ਵੱਖ ਵੱਖ ਥਾਵਾਂ ਨੂੰ ਕੀਤਾ ਜਾ ਰਿਹਾ ਹੈ ਸੈਨੇਟਾਈਜ਼

-ਕਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਲੋਕ

ਫਤਹਿਗੜ੍ਹ ਸਾਹਿਬ, 24 ਮਾਰਚ: ਕਰੋਨਾ ਵਾਇਰਸ ਤੋਂ  ਬਚਾਅ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ  ਵੱਖ ਵੱਖ ਕਦਮ ਚੁੱਕੇ ਜਾ ਰਹੇ ਹਨ।  ਇਨ੍ਹਾਂ  ਕਦਮਾਂ ਦੀ ਲੜੀ ਤਹਿਤ ਹੀ  ਜ਼ਿਲ੍ਹੇ ਵਿੱਚ ਵਿਸ਼ੇਸ਼ ਸੈਨੀਟਾਈਜ਼ੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ  ਮੌਜੂਦਾ ਹਾਲਾਤ ਦੇ ਮੱਦੇਨਜ਼ਰ  ਜੋ ਵੀ ਫੈਸਲੇ ਲਏ ਜਾ ਰਹੇ ਹਨ, ਉਹ ਲੋਕਾਂ ਦੀ ਭਲਾਈ ਲਈ ਹੀ ਲਏ ਜਾ ਰਹੇ ਹਨ, ਜਿਨ੍ਹਾਂ ਸਬੰਧੀ ਲੋਕਾਂ ਵੱਲੋਂ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਗੰਭੀਰ ਬਿਮਾਰੀ ਨੂੰ ਠੱਲ੍ਹਿਆ ਜਾ ਸਕੇ।

ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ  ਇਸ ਬਿਮਾਰੀ ਤੋਂ ਬਚਾਅ ਦੇ ਮੱਦੇਨਜਰ ਜ਼ਿਲ੍ਹੇ ਵਿੱਚ ਵਿਸੇਸ਼ ਸਫਾਈ ਮੁਹਿੰਮ ਚਲਾ ਕੇ ਵੱਖ ਵੱਖ ਥਾਵਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ  ਵੱਖ ਵੱਖ ਸੰਚਾਰ ਸਾਧਨਾਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋ ਬਚਾਅ ਸਬੰਧੀ ਵੱਧ ਤੋਂ ਵੱਧ ਸਾਫ ਸਫਾਈ ਰੱਖਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਇਆ ਜਾਵੇ। ਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕਿਆ ਜਾਵੇ ਕਿਉਂਕਿ ਇਹ ਬਿਮਾਰੀ ਇੱਕ ਪੀੜਤ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਥੁੱਕ ਕਣਾਂ ਰਾਹੀਂ ਫੈਲਦੀ ਹੈ।ਇਸ ਲਈ ਫਲੂ ਵਰਗੇ ਲੱਛਣਾਂ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 01763-232217 ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਵਿਦੇਸ਼ ਤੋਂ ਆਇਆ ਹੋਇਆ ਹੈ ਤੇ ਉਸ ਨੇ ਖ਼ੁਦ ਇਸ ਬਾਰੇ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਹੀਂ ਦਿੱਤੀ ਤਾਂ ਉਸ ਵਿਅਕਤੀ ਸਬੰਧੀ ਸੂਚਨਾ, ਕੁਆਰੰਟੀਨ ਦੀ ਉਲੰਘਣਾ ਅਤੇ ਕੋਰੋਨਾ ਦੇ ਲੱਛਣਾਂ ਬਾਰੇ ਵਿਅਕਤੀਆਂ ਬਾਰੇ ਸੂਚਨਾ ਕੰਟਰੋਲ ਰੂਮ ਦੇ ਨੰਬਰ ਉਤੇ ਦਿੱਤੀ ਜਾ ਸਕਦੀ ਹੈ।