ਦੀਨਾਨਗਰ/ਗੁਰਦਾਸਪੁਰ, ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਅਮਰਜੋਤ ਸਿੰਘ ਬੱਬੇਹਾਲੀ ’ਤੇ ਅੱਜ ਬਾਅਦ ਦੁਪਹਿਰ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਗੋਲੀਆਂ ਚਲਾਈਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਅਮਰਜੋਤ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਹਮਲੇ ’ਚ ਉਸ ਦੇ ਦੋ ਸਾਥੀ ਗਗਨਦੀਪ ਸਿੰਘ ਤੇ ਸਿਕੰਦਰ ਸਿੰਘ ਵੀ ਫੱਟੜ ਹੋ ਗਏ। ਅਮਰਜੋਤ ਸਿੰਘ ਪਿੰਡ ਬੱਬੇਹਾਲੀ ਦਾ ਸਾਬਕਾ ਸਰਪੰਚ ਹੈ।
ਸਿਵਲ ਹਸਪਤਾਲ ’ਚ ਇਲਾਜ ਦੌਰਾਨ ਅਮਰਜੋਤ ਸਿੰਘ ਬੱਬੇਹਾਲੀ ਨੇ ਆਪਣੇ ’ਤੇ ਹੋਏ ਜਾਨਲੇਵਾ ਹਮਲੇ ਲਈ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਨੂੰ ਕਸੂਰਵਾਰ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਨੇ ਪਿਛਲੇ ਦਿਨੀਂ ਚੋਣਾਂ ਦੌਰਾਨ ਧਮਕੀ ਦਿੱਤੀ ਸੀ ਕਿ ਜੋ ਵੀ ਉਨ੍ਹਾਂ ਖ਼ਿਲਾਫ਼ ਵੋਟ ਪਾਵੇਗਾ ਉਸ ਨੂੰ ਨਤੀਜਾ ਭੁਗਤਣਾ ਪਵੇਗਾ। ਅਮਰਜੋਤ ਨੇ ਹਮਲਾਵਰਾਂ ’ਚ ਕਾਂਗਰਸ ਵੱਲੋਂ ਨਿਯੁਕਤ ਕੀਤੇ ਇੱਕ ਐਸਐਚਓ ਦੇ ਪੁੱਤਰ ਦੇ ਸ਼ਾਮਲ ਹੋਣ ਦਾ ਦੋਸ਼ ਵੀ ਲਾਇਆ ਹੈ। ਉਸ ਨੇ ਕਿਹਾ ਕਿ ਗੋਲੀ ਐਸਐਚਓ ਦੇ ਪੁੱਤਰ ਨੇ ਚਲਾਈ ਅਤੇ ਐਸਐਚਓ ਦੇ ਭਤੀਜੇ ਨੇ ਕਿਰਚ ਨਾਲ ਵਾਰ ਕੀਤੇ। ਅਮਰਜੋਤ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਾਥੀਆਂ ਸਮੇਤ ਪਿੰਡ ਅੰਦਰ ਦਾਖ਼ਲ ਹੋ ਰਿਹਾ ਸੀ ਤਾਂ ਕਾਰਾਂ ’ਚ ਆਏ ਨੌਜਵਾਨਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਤੋਂ ਉਹ ਬਚ ਗਏ ਪਰ ਬਾਅਦ ’ਚ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਰੌਲਾ ਪੈਣ ’ਤੇ ਲੋਕ ਇਕੱਠੇ ਹੋ ਗਏ ਅਤੇ ਹਮਲਾਵਰ ਭੱਜ ਗਏ। ਲੋਕਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ, ਗੁਰਦਾਸਪੁਰ ਪਹੁੰਚਾਇਆ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੱਲੋਂ ਸਾਜ਼ਿਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਸਪਤਾਲ ਬਾਹਰ ਪਹੁੰਚੇ ਸਾਬਕਾ ਵਿਧਾਇਕ ਬੱਬੇਹਾਲੀ ਦੇ ਸਮਰਥਕਾਂ ਨੇ ਕਾਂਗਰਸੀ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਗੁਰਦਾਸਪੁਰ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੁਲੀਸ ਵੱਲੋਂ ਸਾਬਕਾ ਵਿਧਾਇਕ ਦੇ ਪੁੱਤਰ ’ਤੇ ਹੋਏ ਹਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਬਾਅਦ ਕਾਰਵਾਈ ਕੀਤੀ ਜਾਵੇਗੀ।