ਫ਼ਤਹਿਗੜ੍ਹ ਸਾਹਿਬ, 8 ਸਤੰਬਰ
ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਆਲੋਚਨਾ ਕਰਨ ਵਾਲੇ ਅਕਾਲੀ ਆਗੂਆਂ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ, ਜਿਨ੍ਹਾਂ ਨੇ 10 ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਤਹਿਤ 5 ਸਤੰਬਰ ਨੂੰ ਮੁਹਾਲੀ ਰੁਜ਼ਗਾਰ ਮੇਲੇ ਦੌਰਾਨ ਹਜ਼ਾਰਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਤੇ ਕਾਂਗਰਸ ਸਰਕਾਰ ਆਪਣੇ ਕਾਰਜਕਾਲ ਦੌਰਾਨ ਹਰੇਕ ਘਰ ਵਿੱਚ ਨੌਕਰੀ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰੀ ਗੰਭੀਰਤਾ ਨਾਲ ਪੂਰਾ ਕਰੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸ਼ਪੱਸਟ ਕਰਨ ਕਿ ਪੰਜਾਬ ਵਿੱਚ ਉਦਯੋਗ ਲਿਆਉਣ ਲਈ ਉਨ੍ਹਾਂ ਨੇ ਕੀ ਕੀਤਾ? ਸ੍ਰੀ ਨਾਗਰਾ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ ਤੇ ਸਿਰਫ ਪੰਜਾਬ ਨੂੰ ਲੁੱਟਣ ਦਾ ਕੰਮ ਹੀ ਕੀਤਾ ਹੈ ਤੇ ਪੰਜਾਬ ਵਿੱਚ ਬੇਰੁਜ਼ਗਾਰੀ ’ਤੇ ਵੱਧ ਰਹੇ ਨਸ਼ਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ।