ਫਤਹਿਗੜ੍ਹ ਸਾਹਿਬ, 24 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ। ਸ੍ਰੀ ਚਨਾਰਥਲ ਨੇ ਦੱਸਿਆ ਕਿ ਉਹ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਵਰਕਰਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਸਰਕਲ ਪੱਧਰ ’ਤੇ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਉਹ ਕਰੀਬ 200 ਪਿੰਡਾਂ ਦਾ ਦੌਰਾ ਕਰ ਚੁੱਕੇ ਹਨ। ਹਰੇਕ ਪਿੰਡ ਵਿੱਚ 11-11 ਮੈਂਬਰੀ ਕਮੇਟੀਆਂ ਵੀ ਬਣਾਈਆਂ ਜਾਣਗੀਆਂ ਅਤੇ ਬੂਥ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅਲੱਗ ਤੋਂ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਕੈਪਟਨ ਸਰਕਾਰ ਤੋਂ ਬਹੁਤ ਦੁਖੀ ਹਨ, ਕਿਉਂਕਿ ਸੂਬਾ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਵੱਡੀ ਪੱਧਰ ’ਤੇ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਨਵੀਂ ਜਥੇਬੰਦੀ ਗਠਿਤ ਕਰਨ ਸਬੰਧੀ ਸੂਚੀ ਸੌਂਪਣਗੇ। ਇਸ ਮੌਕੇ ਮਨਪ੍ਰੀਤ ਕੌਰ ਹੁੰਦਲ, ਗੁਰਮੁੱਖ ਸਿੰਘ ਚਨਾਰਥਲ, ਹਰਵੇਲ ਸਿੰਘ ਮਾਧੋਪੁਰ, ਧਰਮਿੰਦਰ ਸਿੰਘ ਹੁੰਦਲ ਆਦਿ ਹਾਜ਼ਰ ਸਨ।