ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਸੰਕਟ ਦੇ ਚਲਦਿਆਂ ਟਕਸਾਲੀ ਨੇਤਾਵਾਂ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਦੇ ਚਾਰ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਅੱਜ ਬਾਦਲ ਪਰਿਵਾਰ ਦੇ ਬਚਾਅ ਲਈ ਸਾਹਮਣੇ ਆਏ ਹਨ।
ਵੀਰਵਾਰ ਨੂੰ ਕੋਰ ਕਮੇਟੀ ਅਤੇ ਹਲਕਾ ਜਥੇਦਾਰਾਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਅੱਜ ਸੀਨੀਅਰ ਅਕਾਲੀ ਨੇਤਾ ਮੀਡੀਆ ਨਾਲ ਰੂਬਰੂ ਹੋਏ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕਿਰਦਾਰਕੁਸ਼ੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਉਹ ਸ੍ਰੀ ਬਾਦਲ ਵੱਲੋਂ ਸਿੱਖ ਪੰਥ ਅਤੇ ਪੰਜਾਬ ਲਈ ਪਾਏ ਯੋਗਦਾਨ ਨੂੰ ਛੁਟਿਆਉਣ ਲਈ ਰਚੀ ਸਾਜ਼ਿਸ਼ ਵਿਰੁੱਧ ਇੱਕਜੁੱਟਤਾ ਨਾਲ ਲੜਾਈ ਲੜਨਗੇ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਗੁਰਦੁਆਰਿਆਂ ’ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਜਿਸ ਕਰਕੇ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਤੇ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਸੀਬੀਆਈ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵੱਲੋਂ ਰੱਦ ਕੀਤਾ ਜਾ ਚੁੱਕਾ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ’ਤੇ ਆਧਾਰਿਤ ਕਮਿਸ਼ਨ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਸ੍ਰੀ ਬਾਦਲ ਨੂੰ ਦੋਸ਼ੀ ਨਹੀਂ ਠਹਿਰਾ ਸਕਿਆ।
ਸ੍ਰੀ ਢੀਂਡਸਾ ਅਤੇ ਸ੍ਰੀ ਭੂੰਦੜ ਨੇ ਕਿਹਾ, ‘ਅਸੀਂ ਇਹ ਗੱਲ ਸਾਹਮਣੇ ਰੱਖਣਾ ਚਾਹੁੰਦੇ ਹਾਂ ਕਿ ਕੋਟਕਪੂਰਾ ਧਰਨਾ ਸ਼ਾਂਤਮਈ ਢੰਗ ਨਾਲ ਚੁੱਕਿਆ ਗਿਆ ਸੀ, ਪਰ ਬਾਅਦ ’ਚ ਬਹਿਬਲ ਕਲਾਂ ਪਿੰਡ ਵਿੱਚ ਬਹੁਤ ਹੀ ਮੰਦਭਾਗੀ ਘਟਨਾ ਵਾਪਰ ਗਈ, ਜਿਸ ਵਿੱਚ ਦੋ ਨੌਜਵਾਨਾਂ ਦੀਆਂ ਜ਼ਿੰਦਗੀਆਂ ਚਲੀਆਂ ਗਈਆਂ।’ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨਾ ਸਿਰਫ ਦੋਵਾਂ ਪੀੜਤ ਪਰਿਵਾਰਾਂ ਨੂੰ ਮਿਲੇ ਸਨ, ਬਲਕਿ ਉਨ੍ਹਾਂ ਨੂੰ ਮਾਲੀ ਇਮਦਾਦ ਤੋਂ ਇਲਾਵਾ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਭਲਕ ਤੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਰਾਜ ਪੱਧਰੀ ਮੁਜ਼ਾਹਰੇ ਸ਼ੁਰੂ ਕਰਕੇ ਇਸ ਚੁਣੌਤੀ ਦਾ ਜੁਆਬ ਦੇਵੇਗਾ। ਇਸ ਤੋਂ ਇਲਾਵਾ 9 ਸਤੰਬਰ ਨੂੰ ਅਬੋਹਰ ’ਚ ਸਰਕਾਰ ਖ਼ਿਲਾਫ਼ ਪੋਲ ਖੋਲ੍ਹ ਰੈਲੀ ਕੀਤੀ ਜਾਵੇਗੀ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਮਾਮਲਾ ਰਾਜ ਦੀ ਪੁਲੀਸ ਨੂੰ ਸੌਂਪਣ ਦਾ ਫ਼ੈਸਲਾ ਕਰਕੇ ਕਾਂਗਰਸ ਸਰਕਾਰ ਵੀ ਰਣਜੀਤ ਕਮਿਸ਼ਨ ਰਿਪੋਰਟ ਰੱਦ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅਕਾਲੀ ਦਲ ਦਾ ਸਬੰਧ ਹੈ, ਇਹ ਆਪਣੇ ਇਸ ਸਟੈਂਡ ਉੱਤੇ ਕਾਇਮ ਹੈ ਕਿ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਟਕਸਾਲੀ ਅਕਾਲੀ ਆਗੂਆਂ, ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਗਰਮ ਕਰਨ ਲਈ ਸੱਤ-ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਦੀ ਅਗਵਾਈ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਕਰਨਗੇ। ਕਮੇਟੀ ਦੇ ਬਾਕੀ ਮੈਂਬਰਾਂ ’ਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੇਵਾ ਸਿੰਘ ਸੇਖਵਾਂ, ਚਰਨਜੀਤ ਸਿੰਘ ਅਟਵਾਲ, ਤੋਤਾ ਸਿੰਘ ਅਤੇ ਬੀਬੀ ਜਗੀਰ ਕੌਰ ਸ਼ਾਮਿਲ ਹਨ।