ਫ਼ਤਿਹਗੜ ਸਾਹਿਬ, 22 ਜਨਵਰੀ
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਲਿਤਾਂ ਨਾਲ ਸਿੱਧੇ ਤੌਰ ’ਤੇ ਅਨਿਆਂ ਕੀਤਾ ਅਤੇ 4 ਦਲਿਤ ਮੰਤਰੀਆਂ ਕੋਲੋਂ ਅਸਤੀਫ਼ੇ ਲੈ ਲਏ। ਪਰ ਵਿਵਾਦਾਂ ਦੇ ਸ਼ਿਕਾਰ ਹੋਏ ਬਿਕਰਮ ਸਿੰਘ ਮਜੀਠੀਆ ਅਤੇ ਸਿਕੰਦਰ ਸਿੰਘ ਮਲੂਕਾ ਤੋਂ ਅਸਤੀਫ਼ਾ ਨਹੀਂ ਲਿਆ। ਇਸ ਤੋਂ ਪਾਰਟੀ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ ਹੁੰਦਾ ਹੈ। ਧਰਮਸੋਤ ਨੇ ਇੱਥੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ’ਤੇ ਤਿੱਖਾ ਪ੍ਰਤੀਕਰਮ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਫੋਕੇ ਦਮਗਜ਼ੇ ਮਾਰਨ ਦੀ ਥਾਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਰਾਣਾ ’ਤੇ ਦੋਸ਼ ਲੱਗਣ ਮਗਰੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਜਦਕਿ ਸ੍ਰੀ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਦੋਸ਼ ਲੱਗਣ ਦੇ ਬਾਵਜੂਦ ਉਨ੍ਹਾਂ ਵਲੋਂ ਹੁਣ ਤੱਕ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਗਿਆ।