ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਰੇਲ ਹਾਦਸੇ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਵਜ਼ਾਰਤ ਤੋਂ ਬਰਖਾਸਤ ਕਰਨ ਅਤੇ ਬੀਬੀ ਨਵਜੋਤ ਕੌਰ ਸਿੱਧੂ ਅਤੇ ਦਸਹਿਰਾ ਸਮਾਗਮ ਦੇ ਪ੍ਰਬੰਧਕਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਧਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀਆਂ ਦੀ ਇਸ ਮੰੰਗ ਨੂੰ ਰੱਦ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਹੋਛੀ ਰਾਜਨੀਤੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸਿੱਧੂ ਨੇ ਵੀ ਇਸ ਮੰਗ ਨੂੰ ਰੱਦ ਕਰਦੇ ਹੋਏ ਕਿਹਾ ਕਿ ਉਹ ਜੀਜਾ ਸਾਲਾ ਦੀ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਨਹੀਂ, ਬਲਕਿ ਸੂਬੇ ਦੇ ਲੋਕਾਂ, ਮੁੱਖ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੂੰ ਜੁਆਬਦੇਹ ਹਨ।
ਇਸ ਤੋਂ ਪਹਿਲਾਂ ਅੱਜ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਮਾਝੇ ਦੇ ਟਕਸਾਲੀ ਆਗੂ ਅਤੇ ਮਾਲਵੇ ਤੋਂ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਸ਼ਾਮਲ ਨਹੀਂ ਹੋਏ। ਮੀਟਿੰਗ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਨੇ ਕੈਪਟਨ ਸਰਕਾਰ ਵੱਲੋਂ ਰੇਲ ਹਾਦਸੇ ਦੀ ਮੈਜਿਸਟਰੇਟੀ ਜਾਂਚ ਨੂੰ ਰੱਦ ਕਰਦਿਆਂ ਇਸ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਕਰਵਾਉਣ ਦੀ ਮੰਗ ਕੀਤੀ। ਕੋਰ ਕਮੇਟੀ ਨੇ ਕਿਹਾ ਕਿ ਪੀੜਤ ਪਰਿਵਾਰ ਇਸ ਹਾਦਸੇ ਲਈ ਜ਼ਿੰਮੇਵਾਰ ਕਾਂਗਰਸੀ ਕੌਂਸਲਰ ਅਤੇ ਬੀਬੀ ਨਵਜੋਤ ਕੌਰ ਸਿੱਧੂੂ ਖ਼ਿਲਾਫ ਠੋਸ ਸਬੂਤ ਪੇਸ਼ ਕਰਨ ਲਈ ਤਿਆਰ ਹਨ , ਪਰ ਕਾਂਗਰਸ ਸਰਕਾਰ ਮਾਮਲੇ ਨੂੰ ਰਫਾ ਦਫਾ ਕਰਨ ਚਾਹੁੰਦੀ ਹੈ।ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਤੋਤਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ ਤੇ ਬੀਬੀ ਉਪਿੰਦਰਜੀਤ ਕੌਰ ਆਦਿ ਹਾਜ਼ਰ ਸਨ। ਦੂਜੇ ਪਾਸੇ ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਸਰਕਾਰ ਦੇ ਰੇਲ ਮੰਤਰਾਲੇ ਬਾਰੇ ਗੱਲ ਕਰਨ ਨੂੰ ਤਿਆਰ ਨਹੀਂ ਹੈ ਜਿਸ ਨੇ ਇਸ ਹਾਦਸੇ ਬਾਰੇ ਕੋਈ ਜ਼ਿੰਮੇਵਾਰੀ ਨਿਭਾਉਣ ਤੋਂ ਇਨਕਾਰ ਕਰ ਦਿੱਤਾ ਹੈ।