ਸਾਜ਼ਿਸ਼ ਦਾ ਪਰਦਾਫਾਸ਼ ਹੋਇਆ, ਦੋਸ਼ੀਆਂ ਅਤੇ ਉਹਨਾਂ ਦੇ ਆਕਾਵਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ: ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ/16 ਜੁਲਾਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬਰਗਾੜੀ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਇਸ ਵੱਲੋਂ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦਿੱਤੀ ਜਾਵੇਗੀ ਅਤੇ ਕੌਮੀ ਜਾਂਚ ਏਜੰਸੀ ਤੋਂ ਇਸ ਜਾਂਚ ਨੂੰ ਦੁਬਾਰਾ ਖੁਲਵਾਉਣ ਅਤੇ ਕਿਸੇ ਤਸੱਲੀਬਖ਼ਸ਼ ਸਿੱਟੇ ਉੱਤੇ ਪਹੁੰਚਾਉਣ ਲਈ ਪਾਰਟੀ ਵੱਲੋਂ ਸਾਰੇ ਕਾਨੂੰਨੀ, ਸੰਵਿਧਾਨਿਕ ਅਤੇ ਸਿਆਸੀ ਕਦਮ ਚੁੱਕੇ ਜਾਣਗੇ। ਪਾਰਟੀ ਨੇ ਕਿਹਾ ਹੈ ਕਿ ਜਦ ਤਕ ਇਸ ਘਿਨੌਣੇ ਅਪਰਾਧ ਦੇ ਦੋਸ਼ੀ ਅਤੇ ਉਹਨਾਂ ਦੇ ਆਕਾਵਾਂ ਦਾ ਪਰਦਾਫਾਸ਼ ਨਹੀਂ ਹੁੰਦਾ ਅਤੇ ਉਹਨਾਂ ਨੂੰ ਗਿਰਫਤਾਰ ਕਰਕੇ ਮਿਸਾਲੀ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਅਕਾਲੀ ਦਲ ਚੁੱਪ ਕਰਕੇ ਨਹੀਂ ਬੈਠੇਗਾ। ਇਸ ਸੰਬੰਧੀ ਕਾਨੂੰਨੀ ਲੜਾਈ ਲੜਣ ਤੋਂ ਇਲਾਵਾ ਅਕਾਲੀ ਦਲ ਇਸ ਅਪਰਾਧ ਨਾਲ ਸਿੱਧੇ ਅਤੇ ਅਸਿੱਧੇ ਤੌਰ ਤੇ ਜੁੜੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਤਕ ਪਹੁੰਚਾਉਣ ਲਈ ਸਾਰੇ ਸ਼ਾਂਤਮਈ ਅਤੇ ਲੋਕਤੰਤਰੀ ਹੀਲੇ-ਵਸੀਲੇ ਇਸਤੇਮਾਲ ਕਰੇਗਾ।
ਇਹ ਫੈਸਲਾ ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਏ ਕੋਰ ਕਮੇਟੀ ਦੀ ਮੀਟਿਗ ਵਿਚ ਲਿਆ ਗਿਆ। ਇਸ ਮੀਟਿੰਗ ਦੇ ਵੇਰਵੇ ਨਸ਼ਰ ਕਰਦਿਆਂ ਪਾਰਟੀ ਦੇ ਬੁਲਾਰੇ ਸਰਦਾਰ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਦੀ ਬਾਦਲ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਇਹ ਫੈਸਲਾ ਵੀ ਲਿਆ ਗਿਆ ਕਿ ਅਕਾਲੀ ਦਲ ਦੇ ਆਗੂਆਂ ਦਾ ਇੱਕ ਵਫ਼ਦ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਨੂੰ ਮਿਲੇਗਾ ਅਤੇ ਇਸ ਕਲੋਜ਼ਰ ਰਿਪੋਰਟ ਨੂੰ ਵਾਪਸ ਲੈਣ ਵਾਸਤੇ ਉਹਨਾਂ ਨੂੰ ਦਖ਼ਲ ਦੇਣ ਦੀ ਅਪੀਲ ਕਰੇਗਾ। ਵਫਦ ਵੱਲੋਂ ਗ੍ਰਹਿ ਮੰਤਰੀ ਇਹ ਜਾਂਚ ਮੁਕੰਮਲ ਕਰਵਾਉਣ ਲਈ ਪਹਿਲ ਦੇ ਆਧਾਰ ਉੱਤੇ ਉਹ ਸਾਰੇ ਜਰੂਰੀ ਕਦਮ ਉਠਾਉਣ ਦੀ ਅਪੀਲ ਕੀਤੀ ਜਾਵੇਗੀ , ਜਿਸ ਨਾਲ ਇਸ ਘਿਨੌਣੇ ਅਪਰਾਧ ਦੇ ਦੋਸ਼ੀ ਕਾਨੂੰਨ ਦੇ ਸ਼ਿਕੰਜੇ ਵਿਚ ਆ ਜਾਣ ਅਤੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।
ਕੋਰ ਕਮੇਟੀ ਦੀ ਮੀਟਿੰਗ ਮਗਰੋਂ ਜਾਰੀ ਕੀਤੇ ਇੱਕ ਬਿਆਨ ਵਿਚ ਸਰਦਾਰ ਬੈਂਸ ਨੇ ਦੱਸਿਆ ਕਿ ਇਸ ਦੇ ਨਾਲ ਹੀ ਕਾਨੂੰਨੀ ਮਾਹਿਰਾਂ ਦੀ ਇੱਕ ਟੀਮ ਇਹ ਯਕੀਨੀ ਬਣਾਉਣ ਲਈ ਇਸ ਮਾਮਲੇ ਨੂੰ ਅਦਾਲਤ ਵਿਚ ਲੈ ਕੇ ਜਾਵੇਗੀ ਤਾਂ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਪਿਛਲੀ ਡੂੰਘੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਜਾਵੇ ਅਤੇ ਅਜਿਹੀਆਂ ਘਿਨੌਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਅਤੇ ਉਹਨਾਂ ਦੇ ਆਕਾਵਾਂ ਨੂੰ ਮਿਸਾਲੀ ਸਜ਼ਾਵਾਂ ਮਿਲਣ, ਜਿਸ ਨਾਲ ਭਵਿੱਖ ਵਿਚ ਕੋਈ ਵੀ ਵਿਅਕਤੀ ਅਜਿਹਾ ਕਰਨ ਦੀ ਜੁਅੱਰਤ ਨਾ ਕਰੇ।
ਉਹਨਾਂ ਅੱਗੇ ਦੱਸਿਆ ਕਿ ਜਦੋਂ ਸਿੱਖ ਜਥੇਬੰਦੀਆਂ ਦੇ ਕਹਿਣ ਉਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਜਿਹਨਾਂ ਮੁੱਦਿਆਂ ਦੀ ਸੀਬੀਆਈ ਨੂੰ ਜਾਂਚ ਸੌਂਪੀ ਗਈ ਸੀ, ਉਹਨਾਂ ਵਿਚੋਂ ਕਿਸੇ ਦੀ ਵੀ ਜਾਂਚ ਪੂਰੀ ਨਹੀਂ ਹੋਈ ਹੈ ਤਾਂ ਸੀਬੀਆਈ ਵੱਲੋ ਇਸ ਜਾਂਚ ਸੰਬੰਧੀ ਕਲੋਜ਼ਰ ਰਿਪੋਰਟ ਦਾਖ਼ਲ ਕਰਨ ਦੀ ਕੋਈ ਤੁਕ ਨਹੀਂ ਬਣਦੀ ਹੈ।
ਉਹਨਾਂ ਦੱਸਿਆ ਕਿ ਸਿੱਖ ਜਥੇਬੰਦੀਆਂ ਕੇਂਦਰੀ ਏਜੰਸੀ ਤੋਂ ਬੇਅਦਬੀ ਦੇ ਕੇਸਾਂ ਦੀ ਜਾਂਚ ਕਰਵਾਉਣ ਦੀ ਮੰਗ ਕਰਦੀਆਂ ਆ ਰਹੀਆਂ ਸਨ, ਕਿਉਂਕਿ ਉਸ ਸਮੇਂ ਦੇ ਆਈਜੀ ਆਈਪੀਐਸ ਸਹੋਤਾ ਅਤੇ ਡੀਆਈਜੀ ਆਰ ਐਸ ਖੱਟੜਾ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੀ ਸਪੈਸ਼ਲ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਉੱਤੇ ਉਹਨਾਂ ਨੂੰ ਭਰੋਸਾ ਨਹੀਂ ਸੀ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਸੀਬੀਆਈ ਵੱਲੋਂ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਤੋਂ ਬਹੁਤ ਧੱਕਾ ਲੱਗਿਆ ਹੈ। ਉਹਨਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਉੱਤੇ ਅਜੇ ਨਾ ਦੋਸ਼ ਆਇਦ ਹੋਏ ਹਨ ਅਤੇ ਨਾ ਹੀ ਮੁਕੱਦਮਾ ਚੱਲਿਆ ਜਾਂ ਸਜ਼ਾ ਮਿਲੀ ਹੈ। ਸਿੱਖ ਚਾਹੁੰਦੇ ਹਨ ਕਿ ਬੇਅਦਬੀ ਦੀਆਂ ਘਟਨਾਵਾਂ ਪਿਛਲਾ ਸੱਚ ਬਾਹਰ ਆਉਣਾ ਚਾਹੀਦਾ ਹੈ। ਦੋਸ਼ੀਆਂ ਦੀ ਸ਼ਨਾਖਤ ਹੋਣੀ ਚਾਹੀਦੀ ਅਤੇ ਕਾਨੂੰਨ ਮੁਤਾਬਿਕ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਹਨਾਂ ਦਾ ਮੰਨਣਾ ਹੈ ਕਿ ਜਿਹਨਾਂ ਨੇ ਗੁਰਬਾਣੀ ਦੀਆਂ ਪਵਿੱਤਰ ਬੀੜਾਂ ਦੀ ਘੋਰ ਬੇਅਦਬੀ ਕੀਤੀ ਹੈ, ਉਹਨਾਂ ਨੂੰ ਫਾਹੇ ਲਾਇਆ ਜਾਣਾ ਚਾਹੀਦਾ ਹੈ। ਬੇਅਦਬੀ ਦੋਸ਼ੀ ਅਤੇ ਸਾਜ਼ਿਸ਼ਕਾਰ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ। ਉਹਨਾਂ ਦੇ ਇਹਨਾਂ ਘਿਨੌਣੇ ਅਪਰਾਧਾਂ ਕਰਕੇ ਲੱਖਾਂ ਸਿੱਖਾਂ ਅਤੇ ਸਹੀ ਸੋਚ ਰੱਖਣ ਵਾਲੇ ਵਿਅਕਤੀਆਂ ਦੇ ਦਿਲ ਲਹੂਲੁਹਾਨ ਹੋਏ ਹਨ। ਇਹਨਾਂ ਬੇਅਦਬੀ ਦੀਆਂ ਘਟਨਾਵਾਂ ਕਰਕੇ ਸਿੱਖ ਸੰਗਤ ਦੇ ਹਿਰਦਿਆਂ ਨੂੰ ਕਿੰਨੀ ਵੱਡੀ ਠੇਸ ਪਹੁੰਚੀ ਹੈ, ਇਸ ਨੂੰ ਕੋਈ ਸ਼ਬਦ ਬਿਆਨ ਨਹੀਂ ਕਰ ਸਕਦਾ। ਮੈਂ ਦੋਸ਼ੀਆਂ ਅਤੇ ਉਹਨਾਂ ਦੇ ਆਕਾਵਾਂ ਲਈ ਮੌਤ ਦੀ ਸਜ਼ਾ ਦੀ ਮੰਗ ਕਰਦਾ ਹਾਂ।
ਕੋਰ ਕਮੇਟੀ ਨੇ ਪਾਰਟੀ ਦੇ ਇਸ ਮੱਤ ਵਿਚ ਪੂਰਨ ਭਰੋਸਾ ਪ੍ਰਗਟਾਇਆ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਲਈ ਇੱਕ ਡੂੰਘੀ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ ਸਨ ਤਾਂ ਕਿ ਸੂਬੇ ਅੰਦਰ ਸਮਾਜਕ ਅਤੇ ਸਿਆਸੀ ਅਸਥਿਰਤਾ ਪੈਦਾ ਹੋ ਜਾਵੇ ਅਤੇ ਪੰਜਾਬੀਆਂ ਵਿਚਲਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲਾ ਮਾਹੌਲ ਖਰਾਬ ਹੋ ਜਾਵੇ।
ਪਾਰਟੀ ਨੇ ਕਿਹਾ ਕਿ ਮੁੱਖ ਦੋਸ਼ੀ ਦੇ ਜੇਲ੍ਹ ਅੰਦਰ ਸੱæਕੀ ਹਾਲਤਾਂ ਵਿਚ ਹੋਏ ਕਤਲ ਨਾਲ ਜੁੜੀਆਂ ਸਾਰੀਆਂ ਘਟਨਾਵਾਂ ਨੂੰ ਡੂੰਘਾਈ ਵਿਚ ਜਾਂਚ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਦੋਸ਼ੀ ਨੇ ਨਾ ਸਿਰਫ ਸਾਰੇ ਦੋਸ਼ੀਆਂ ਬਾਰੇ ਠੋਸ ਸਬੂਤ ਦਿੱਤੇ ਹੋ ਸਕਦੇ ਹਨ, ਸਗੋਂ ਇਹ ਵੀ ਹੋ ਸਕਦਾ ਹੈ ਕਿ ਉਸ ਨੇ ਇਹਨਾਂ ਸ਼ਰਮਨਾਕ ਘਟਨਾਵਾਂ ਪਿਛਲੀ ਸਾਜ਼ਿਸ਼ ਦੇ ਅਸਲੀ ਸਾਜ਼ਿਸ਼ਕਾਰਾਂ ਬਾਰੇ ਕੋਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੋਵੇ।
ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਹਰੀ ਸਿੰਘ ਜ਼ੀਰਾ, ਡਾਕਟਰ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ,ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਭਾਗ ਲਿਆ।