ਕਿਹਾ ਕਿ ਮੰਤਰੀ ਬਲਬੀਰ ਸਿੰਘ ਸਿੱਧੂ ਸਿਆਸੀ ਕਿੜਾਂ ਕੱਢ ਰਿਹਾ ਹੈ

ਚੰਡੀਗੜ੍ਹ/13 ਜੁਲਾਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁਹਾਲੀ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਲੌਂਗੀ ਦੀ ਸਰਪੰਚ ਖ਼ਿਲਾਫ ਦਰਜ ਕੀਤੇ ਝੂਠੇ ਕੇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਸਥਾਨਕ ਵਿਧਾਇਕ ਅਤੇ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਉੁੱਤੇ ਇੱਕ ਧਿਰ ਬਣ ਕੇ ਸਰਪੰਚ ਪਤਨੀ ਅਤੇ ਪਤੀ ਨੂੰ ਪਰੇਸ਼ਾਨ ਕਰਨ ਲਈ ਬਲਾਕ ਵਿਕਾਸ ਅਧਿਕਾਰੀ ਅਤੇ ਬਲੌਂਗੀ ਪੁਲਿਸ ਸਟੇਸ਼ਨ ਦੇ ਐਸਐਚਓ ਖ਼ਿਲਾਫ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਮੁਹਾਲੀ ਜ਼ਿਲ੍ਹੇ ਦੇ ਪਾਰਟੀ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ  ਕਾਂਗਰਸ ਸਰਕਾਰ ਅਤੇ ਇਸ ਦੇ ਮੰਤਰੀ ਅਕਾਲੀ ਸਰਪੰਚਾਂ ਅਤੇ ਆਗੂਆਂ ਖ਼ਿਲਾਫ ਝੂਠੇ ਪਰਚੇ ਦਰਜ ਕਰਵਾ ਕੇ ਲੋਕਤੰਤਰ ਦਾ ਕਤਲ ਕਰ ਰਹੇ ਹਨ। ਬਲੌਂਗੀ ਦੀ ਸਰਪੰਚ ਸਰੋਜਾ ਦੇਵੀ ਨਾਲ ਵਾਪਰੀ ਘਟਨਾ ਦੀ ਜਾਣਕਾਰੀ ਦਿੰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਬਲੌਂਗੀ ਦੀ ਸਰਪੰਚ ਖ਼ਿਲਾਫ ਸਰਕਾਰੀ ਸੰਪਤੀ ਦਾ ਨੁਕਸਾਨ ਕਰਨ ਸੰਬੰਧੀ ਇੱਕ ਝੂਠਾ ਪਰਚਾ 11 ਜੁਲਾਈ ਨੂੰ ਇਸ ਲਈ ਦਰਜ ਕੀਤਾ ਗਿਆ, ਕਿਉਂਕਿ ਉਸ ਨੇ ਇੱਕ ਜਨਤਕ ਗਲੀ ਵਿਚ ਸਬਰਮਰਸੀਬਲ ਬੋਰਵੈਲ ਲਗਾਉਣ ਦਾ ਵਿਰੋਧ ਕੀਤਾ ਸੀ। 

ਡਾਕਟਰ ਚੀਮਾ ਨੇ ਕਿਹਾ ਕਿ ਸਰਪੰਚ ਅਤੇ ਉਸ ਦੇ ਪਤੀ ਦਿਨੇਸ਼ ਕੁਮਾਰ ਨੇ ਪਹਿਲਾਂ 26 ਜੂਨ ਨੂੰ ਮੌਕੇ ਉੱਤੇ ਜਾ ਕੇ ਸਬਮਰਸੀਬਲ ਟਿਊਬਵੈਲ ਦਾ ਕੰਮ ਰੁਕਵਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਇਸ ਦੇ ਖਿਲਾਫ 2 ਜੁਲਾਈ ਨੂੰ ਇਕ ਮਤਾ ਪਾਸ ਕਰ ਦਿੱਤਾ ਸੀ ਅਤੇ ਇਸ ਮਤੇ ਦੀ ਕਾਪੀ ਬਲੌਂਗੀ ਪੁਲਿਸ ਸਟੇਸ਼ਨ ਦੇ ਐਸਐਚਓ ਨੂੰ ਵੀ ਭੇਜੀ ਸੀ। ਉਹਨਾਂ ਕਿਹਾ ਕਿ ਬੀਡੀਓ ਨੇ ਮੌਕੇ ਦਾ ਦੌਰਾ ਕੀਤਾ ਸੀ ਅਤੇ ਉਹਨਾਂ ਦੀ ਸ਼ਿਕਾਇਤ ਅੱਗੇ ਪੁਲਿਸ ਸਟੇਸ਼ਨ ਭੇਜ ਦਿੱਤੀ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਮੁਹਾਲੀ ਤੋਂ ਅਕਾਲੀ ਆਗੂ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਇਸ ਸਭ ਕਾਸੇ ਦੇ ਬਾਵਜੂਦ ਬਲੌਂਗੀ ਪੁਲਿਸ ਨੇ ਸਰਪੰਚ ਵਿਰੁੱਧ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਤੋ ਰੋਕਣ ਵਾਲੇ ਐਕਟ ਤਹਿਤ ਕੇਸ ਦਰਜ ਕੀਤਾ ਹੈ। ਉਹਨਾਂ ਕਿਹਾ ਕਿ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਇੱਕ ਹਫਤੇ ਦੇ ਅੰਦਰ ਐਫਆਈਆਰ ਰੱਦ ਕਰਕੇ ਬੀਡੀਓ ਅਤੇ ਐਸਐਚਓ ਦੇ ਖ਼ਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਵੱਲੋਂ ਇਸ ਮੁੱਦੇ ਉੱਤੇ ਇੱਕ ਜ਼ਿਲ੍ਹਾ ਪੱਧਰੀ ਧਰਨਾ ਲਾਇਆ ਜਾਵੇਗਾ।

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਮੰਤਰੀ ਬਲਬੀਰ ਸਿੰਘ ਸਿੱਧੂ ਅਕਾਲੀ ਵਰਕਰਾਂ ਖਿਲਾਫ ਸਿਆਸੀ ਕਿੜਾਂ ਕੱਢ ਰਿਹਾ ਹੈ ਅਤੇ ਇਸ ਸਿਆਸੀ ਬਦਲੇਖੋਰੀ ਦੀਆਂ ਉਹਨਾਂ ਨੇ ਕਈ ਮਿਸਾਲਾਂ ਪੇਸ਼ ਕੀਤੀਆਂ।  ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਖ਼ਿਲਾਫ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਉਹਨਾਂ ਉੱਤੇ ਕਾਂਗਰਸ ਵਿਚ ਸ਼ਾਮਿਲ ਹੋਣ ਲਈ ਦਬਾਅ ਪਾਇਆ ਜਾ ਰਿਹਾ ਹੈ। ਇਸ ਮੌਕੇ ਬਲੌੰਂਗੀ ਦੀ ਸਰਪੰਚ ਨੇ ਦੱਸਿਆ ਕਿ ਉਹਨਾਂ ਖ਼ਿਲਾਫ ਸਿਰਫ ਇਸ ਲਈ ਇੱਕ ਝੂਠਾ ਕੇਸ ਦਰਜ ਕੀਤਾ ਗਿਆ, ਕਿਉਂਕਿ ਉਹਨਾਂ ਨੇ ਬਲਬੀਰ ਸਿੱਧੂ ਵੱਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਲਈ ਪਾਏ ਦਬਾਅ ਦੀ ਪਰਵਾਹ ਨਹੀਂ ਸੀ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਅਤੇ ਮੁਹਾਲੀ ਇਸਤਰੀ ਵਿੰਗ ਦੇ ਪ੍ਰਧਾਨ ਕੁਲਦੀਪ ਕੌਰ ਕੰਗ ਵੀ ਸ਼ਾਮਿਲ ਸਨ।