ਨਵੀਂ ਦਿੱਲੀ, 21 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਮਿਲੇ ਵਫਦ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਰਾਜ ਸਭਾ ਵੱਲੋਂ ਪਾਸ ਕੀਤੇ ਖੇਤੀ ਬਿਲਾਂ ਉੱਤੇ ਸਹੀ ਨਾ ਪਾਉਣ। ਚੇਤੇ ਰਹੇ ਕਿ ਲੋਕ ਸਭਾ ਇਸ ਬਿਲ ਨੂੰ ਪਹਿਲਾਂ ਹੀ ਪਾਸ ਕਰ ਚੁੱਕੀ ਹੈ ਤੇ ਰਾਸ਼ਟਰਪਤੀ ਦੀ ਪ੍ਰਵਾਨਗੀ ਨਾਲ ਬਿਲ ਕਾਨੂੰਨ ਦਾ ਰੂਪ ਅਖਤਿਆਰ ਕਰ ਲੈਣਗੇ। ਰਾਸ਼ਟਰਪਤੀ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਮੈਂਬਰ ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ ਹੈ।