ਚੰਡੀਗੜ੍ਹ, 18 ਜੁਲਾਈ
ਅਕਾਲੀ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਕਿਹਾ ਕਿ ਉਹ ਰਾਸ਼ਟਰਪਤੀ ਲਈ ਐੱਨਡੀਏ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ, ‘‘ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ।’’ ਹਲਕਾ ਦਾਖਾ ਤੋਂ ਵਿਧਾਇਕ ਇਯਾਲੀ ਨੇ ਅਕਾਲੀ ਦਲ ਨੂੰ ਵੀ ਚਿੰਤਨ ਕਰਨ ਦੀ ਸਲਾਹ ਦਿੱਤੀ। ਸ਼੍ਰੋਮਣੀ ਅਕਾਲੀ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਰਾਸ਼ਟਰਪਤੀ ਚੋਣ ਦਾ ਬਾਈਕਾਟ ਕਰਦਿਆਂ ਕਿਹਾ ਕਿ ਪੰਜਾਬ ਨਾਲ ਜੁੜੇ ਕਈ ਮੁੱਦੇ ਹਾਲੇ ਵੀ ਅਣਸੁਲਝੇ ਹਨ ਅਤੇ ਪਾਰਟੀ ਲੀਡਰਸ਼ਿਪ ਨੇ ਐੱਨਡੀਏ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਦੀ ਸਲਾਹ ਨਹੀਂ ਲਈ ਸੀ। ਇਯਾਲੀ ਨੇ ਇੱਕ ਵੀਡੀਓ ਸੁਨੇਹਾ ’ਚ ਕਿਹਾ ਕਿ ਉਹ ਆਪਣੀ ਇੱਛਾ ਮੁਤਾਬਕ ਹੀ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰ ਰਹੇ ਹਨ ਅਤੇ ਮੁਰਮੂ ਨੂੰ ਸਮਰਥਨ ਦੇਣ ਦਾ ਫੈਸਲਾ ਕਰਨ ਤੋਂ ਪਹਿਲਾਂ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਤੋਂ ਸਲਾਹ ਨਹੀਂ ਲਈ ਸੀ। ਹਾਲਾਂਕਿ ਵਿਧਾਇਕ ਇਯਾਲੀ ਨੇ ਕਿਹਾ ਕਿ ਉਹ ਦਰੋਪਦੀ ਮੁਰਮੂ ਦੀ ਉਮੀਦਵਾਰ ਦਾ ਵਿਰੋਧ ਨਹੀਂ ਕਰ ਰਹੇ। ਉਨ੍ਹਾਂ ਕਿਹਾ, ‘‘ਪਰ ਜਦੋਂ ਪਾਰਟੀ ਨੇ ਭਾਜਪਾ ਉਮੀਦਵਾਰ ਨੂੰ ਵੋਟ ਦੇਣ ਦਾ ਫੈਸਲਾ ਕੀਤਾ ਤਾਂ ਮੇਰੇ ਤੋਂ ਸਲਾਹ ਨਹੀਂ ਲਈ ਗਈ। ਇੱਥੋਂ ਤੱਕ ਸਿੱਖ ਭਾਈਚਾਰੇ ਤੋਂ ਵੀ ਸਲਾਹ ਨਹੀਂ ਲਈ ਗਈ।’’ ਇਯਾਲੀ ਨੇ ਪੰਜਾਬ ਦੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਵਿਵਾਦਤ ਨਦੀ ਪਾਣੀ ਵੰਡ ਮੁੱਦੇ ਦਾ ਹੱਲ ਨਾਲ ਹੋਣ ਤੋਂ ਇਲਾਵਾ ਪੰਜਾਬੀ ਭਾਸ਼ੀ ਇਲਾਕੇ ਸੂਬੇ ਨੂੰ ਸੌਂਪਣ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਮਗਰੋਂ ਉਸ ਤੋਂ ਪੰਜਾਬ ਦੇ ਮੁੱਦਿਆਂ ਦੇ ਹੱਲ ਦਾ ਕਾਫੀ ਉਮੀਦ ਸੀ ਪਰ ਕੁਝ ਨਹੀਂ ਕੀਤਾ ਗਿਆ।