ਅੰਮ੍ਰਿਤਸਰ 1 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕਰਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਾਰਚ ਸ਼ੁਰੂ ਕੀਤਾ। ਉਨ੍ਹਾਂ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਦੇ ਹੋ ਰਹੇ ਭਾਰੀ ਵਿਰੋਧ ਨੂੰ ਦੇਖਦਿਆਂ ਲੋਕ ਸਭਾ ਤੇ ਰਾਜ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਸੱਦਾ ਦਿੱਤਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਸਮੁੱਚੀਆਂ ਧਿਰਾਂ ਇਕਜੁੱਟ ਹੋਣ ਅਤੇ ਇਕੱਠੇ ਹੋ ਕੇ ਇਸ ਖਿਲਾਫ ਸੰਘਰਸ਼ ਕੀਤਾ ਜਾਵੇ। ਖੇਤੀ ਬਿਲਾਂ ’ਤੇ ਹਰਸਿਮਰਤ ਕੌਰ ਬਾਦਲ ਵੱਲੋਂ ਬਤੌਰ ਕੇਂਦਰੀ ਮੰਤਰੀ ਦਸਤਖ਼ਤ ਕੀਤੇ ਜਾਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਇਸ ਸਬੰਧੀ ਸਬੂਤ ਪੇਸ਼ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ ਟਿੱਕਾ, ਤਲਬੀਰ ਸਿੰਘ ਗਿੱਲ ਤੇ ਹੋਰ ਆਗੂ ਹਾਜ਼ਰ ਸਨ। ਅਰਦਾਸ ਕਰਨ ਤੋਂ ਫੌਰੀ ਮਗਰੋਂ ਸੁਖਬੀਰ ਬਾਦਲ ਦੀ ਅਗਵਾਈ ’ਚ ਵਾਹਨਾਂ ਦਾ ਇਕ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋ ਗਿਆ।