ਅੰਮ੍ਰਿਤਸਰ, 8 ਜੂਨ
ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਦਾ ਸਥਾਪਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਮਗਰੋਂ ਰਾਗੀ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਅਤੇ ਆਖਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਇਹ ਉਹ ਤਖ਼ਤ ਹੈ, ਜਿਸ ਨੇ ਹਮੇਸ਼ਾ ਹੀ ਮਾਨਵਤਾ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਇਤਿਹਾਸ ਵਿੱਚ ਅਜਿਹੀਆਂ ਕਈ ਘਟਨਾਵਾਂ ਮੌਜੂਦ ਹਨ, ਜਦੋਂ ਮਜ਼ਲੂਮ ਤੇ ਲੋੜਵੰਦ ਲੋਕਾਂ ਦੀ ਕਿਸੇ ਨੇ ਬਾਂਹ ਨਹੀਂ ਫੜੀ, ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਨੇ ਸਹਾਰਾ ਦਿੱਤਾ। ਉਨ੍ਹਾਂ ਨੇ ਅੱਜ ਸਥਾਪਨਾ ਦਿਵਸ ਮੌਕੇ ਸੰਗਤਾਂ ਨੂੰ ਛੇਵੇਂ ਪਾਤਸ਼ਾਹੀ ਵੱਲੋਂ ਸਥਾਪਤ ਸ੍ਰੀ ਅਕਾਲ ਤਖ਼ਤ ਨਾਲ ਜੁੜਨ ਦੀ ਅਪੀਲ ਕੀਤੀ।