ਦਿਓਘਰ, 12 ਸਤੰਬਰ
ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਸੁਪਰੀਮੋ ਲਾਲੂ ਪ੍ਰਸਾਦ ਨੇ ਅੱਜ ਇੱਥੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਲੋਕਾਂ ਨੂੰ ਧੋਖਾ ਦੇਣਾ ਸ਼ੁਰੂ ਕਰ ਦਿੱਤਾ ਹੈ। ਹੁਣ ਉਨ੍ਹਾਂ ਦਾ ਸੱਤਾ ਤੋਂ ਹਟਣਾ ਤੈਅ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੀ-20 ਸਿਖਰ ਸੰਮੇਲਨ ਤੋਂ ਭਾਰਤ ਦੇ ਆਮ ਲੋਕਾਂ ਨੂੰ ਕੀ ਫਾਇਦਾ ਹੋਵੇਗਾ। ਝਾਰਖੰਡ ਦੇ ਦਿਓਘਰ ਸਥਿਤ ਬਾਬਾ ਬੈਦਿਆਨਾਥ ਧਾਮ ਮੰਦਰ ’ਚ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇਸ਼ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ, ‘‘ਦੇਸ਼ ਦੇ ਹਾਲਾਤ ਠੀਕ ਨਹੀਂ ਹਨ। ਮਹਿੰਗਾਈ ਅਤੇ ਬੇਰੁਜ਼ਗਾਰੀ ਆਪਣੇ ਸਿਖਰ ’ਤੇ ਹੈ। ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਚੋਣਾਂ ਨੇੜੇ ਆਉਂਦੀਆਂ ਦੇਖ ਕੇ ਨਰਿੰਦਰ ਮੋਦੀ ਨੇ ਫਿਰ ਲੋਕਾਂ ਨੂੰ ਧੋਖਾ ਦੇਣਾ ਸ਼ੁਰੂ ਕਰ ਦਿੱਤਾ ਹੈ ਪਰ ਇਸ ਵਾਰ ਉਨ੍ਹਾਂ ਦਾ ਸੱਤਾ ਤੋਂ ਹਟਣਾ ਤੈਅ ਹੈ।’’ ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ’ਚ ਕਟੌਤੀ ਦਾ ਮਕਸਦ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਧੋਖਾ ਦੇਣਾ ਹੈ।
ਲਾਲੂ ਨੇ ਦਾਅਵਾ ਕੀਤਾ ਕਿ ਭਾਜਪਾ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਗਈ ਹੈ ਅਤੇ ਬਾਕੀ ਵਿਧਾਨ ਸਭਾ ਚੋਣਾਂ ਵਿੱਚ ਵੀ ਉਸ ਦਾ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ, ‘‘ਅਸੀਂ ਸੰਵਿਧਾਨ, ਗਰੀਬਾਂ, ਬੇਰੁਜ਼ਗਾਰਾਂ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦੇਵਾਂਗੇ। ਉਹ (ਭਾਜਪਾ) ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਨਾਮ ਮਿਟਾਉਣਾ ਚਾਹੁੰਦੀ ਹੈ।’’ ਭਾਰਤ ’ਚ ਜੀ-20 ਸਿਖਰ ਸੰਮੇਲਨ ਕਰਵਾਉਣ ਨੂੰ ਧੋਖਾ ਕਰਾਰ ਦਿੰਦਿਆਂ ਲਾਲੂ ਨੇ ਪੁੱਛਿਆ ਕਿ ਇਸ ਨਾਲ ਆਮ ਨਾਗਰਿਕਾਂ ਨੂੰ ਕੀ ਫਾਇਦਾ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਸੰਮੇਲਨ ਕਰਵਾਉਣ ਲਈ ਵੱਡੀ ਰਕਮ ਖਰਚ ਕੀਤੀ ਗਈ ਹੈ।
ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ਬਾਰੇ ਲਾਲੂ ਨੇ ਕਿਹਾ ਕਿ 13 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਤਾਲਮੇਲ ਕਮੇਟੀ ਦੀ ਪਹਿਲੀ ਮੀਟਿੰਗ ਤੋਂ 28 ਵਿਰੋਧੀ ਪਾਰਟੀਆਂ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਬਰਸੰਮਤੀ ਨਾਲ ਗੱਠਜੋੜ ਦਾ ਆਗੂ ਚੁਣਿਆ ਜਾਵੇਗਾ।