ਫ਼ਰੀਦਕੋਟ, 20 ਮਾਰਚ
ਕੋਟਕਪੂਰਾ ਗੋਲੀ ਕਾਂਡ ਵਿੱਚ ਅਦਾਲਤ ਦੇ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫ਼ਰੀਦਕੋਟ ਦੇ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਇਸ ਲਈ ਅਗਾਊਂ ਜ਼ਮਾਨਤ ਲੈਣੀ ਲਾਜ਼ਮੀ ਹੈ, ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ।
ਜ਼ਿਕਰਯੋਗ ਹੈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਹ 23 ਮਾਰਚ ਨੂੰ ਅਦਾਲਤ ਵਿੱਚ ਹਾਜ਼ਰ ਹੋਣਗੇ। ਇਸੇ ਕੇਸ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਨੇ ਵੀ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ ਜਿਸ ’ਤੇ ਅੱਜ ਅਦਾਲਤ ਨੇ ਬਹਿਸ ਸੁਣੀ। ਅਦਾਲਤ ਵੱਲੋਂ ਇਨ੍ਹਾਂ ਜ਼ਮਾਨਤ ਅਰਜ਼ੀਆਂ ’ਤੇ ਫੈਸਲਾ 21 ਮਾਰਚ ਨੂੰ ਸੁਣਾਇਆ ਜਾਵੇਗਾ।