ਨਵੀਂ ਦਿੱਲੀ, 20 ਜਨਵਰੀਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਅੱਜ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਆਪਣੀਆਂ ਚਿੰਤਾਵਾਂ ਸਬੰਧੀ ਅਦਾਲਤ ਵੱਲੋਂ ਨਿਯੁਕਤ ਕੀਤੀ ਮਾਹਿਰਾਂ ਦੀ ਕਮੇਟੀ ਅੱਗੇ ਪੇਸ਼ ਨਹੀਂ ਹੋਣਗੀਆਂ ਅਤੇ ਉਹ ਕਾਨੂੰਨ ਰੱਦ ਕਰਵਾਉਣਾ ਚਾਹੁੰਦੀਆਂ ਹਨ। ਸੁਪਰੀਮ ਕੋਰਟ ਨੇ ਕਿਸਾਨ ਯੂਨੀਅਨ ਵੱਲੋਂ ਪੇਸ਼ ਹੋਏ ਵਕੀਲਾਂ ਨੂੰ ਕਿਹਾ ਕਿ ਉਹ ਇਸ ਸਾਰੇ ਮਾਮਲੇ ਦਾ ਸ਼ਾਂਤੀਪੂਰਨ ਹੱਲ ਚਾਹੁੰਦੇ ਹਨ ਅਤੇ ਮਾਹਿਰਾਂ ਦੀ ਕਮੇਟੀ ਕੋਲ ਕੋਈ ਫ਼ੈਸਲਾ ਲੈਣ ਦਾ ਅਧਿਕਾਰ ਨਹੀਂ ਹੈ ਅਤੇ ਉਹ ਸਿਰਫ਼ ਆਪਣੀ ਰਿਪੋਰਟ ਸੌਂਪੇਗੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਉਸ ਨੂੰ ਇਸ ਬਾਰੇ ਗੰਭੀਰ ਇਤਰਾਜ਼ ਹੈ ਕਿ ਮਾਹਿਰਾਂ ਦੀ ਕਮੇਟੀ ਦੇ ਮੈਂਬਰਾਂ ਦਾ ਗ਼ਲਤ ਚਿੱਤਰਨ ਕੀਤਾ ਜਾ ਰਿਹਾ ਹੈ, ਜੋ ਹੁਣ ਰੁਝਾਨ ਬਣ ਗਿਆ ਹੈ।