ਮੁਹਾਲੀ, 17 ਜੂਨ
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਦੇ ਪੈਨਲ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਧਰਨਾ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਯੂਪੀ ਪੈਟਨਰ ‘ਤੇ ਕੱਚੇ ਅਧਿਆਪਕ ਨੂੰ ਤੁਰੰਤ ਪੱਕਾ ਕੀਤਾ ਜਾਵੇਗਾ। ਤਜਰਬੇ ਦੇ ਘੱਟੋ-ਘੱਟ 25 ਅੰਕ ਦਿੱਤੇ ਜਾਣ ਪਰ ਸਰਕਾਰ ਕੋਈ ਵੀ ਮੰਗ ਮੰਗਣ ਨੂੰ ਤਿਆਰ ਨਹੀਂ ਹੈ। ਉਂਝ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਮਾਮਲੇ ਦਾ ਵਿਚਲਾ ਹੱਲ ਕੱਢਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਧੂ ਹਾਜ਼ਰ ਸੀ। ਉਧਰ ਅਧਿਆਪਕਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਦੇ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੂਠਾ ਕਰਾਰ ਦਿੱਤਾ। ਇਸ ਮੌਕੇ ਸੂਬਾ ਪ੍ਧਾਨ ਅਜਮੇਰ ਸਿੰਘ ਔਲਖ, ਰੀਤੂ ਬਾਲਾ ਕਪੂਰਥਲਾ, ਅਮਨਦੀਪ ਕੌਰ, ਰਵਨੀਤ ਕੌਰ, ਗਗਨਦੀਪ ਕੌਰ ਅਬੋਹਰ, ਗੁਰਪ੍ਰੀਤ ਕੌਰ ਨੇ ਕਿਹਾ ਕਿ ਹੁਣ ਉਹ ਸਰਕਾਰ ਦੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ। ਇਹ ਉਨ੍ਹਾਂ ਦੀ ਆਖਰੀ ਅਤੇ ਫੈਸਲਾਕੁਨ ਲੜਾਈ ਹੈ।ਇਸ ਦੌਰਾਨ ਕਈ ਅਧਿਆਪਕ ਕੱਲ੍ਹ ਤੋਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਸਕੱਤਰ ਦਫ਼ਤਰ ਦੀ ਛੱਤ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਕਿਸਾਨਾਂ ਨੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਧਰਨੇ ਵਿੱਚ ਸ਼ਮੂਲੀਅਤ ਕੀਤੀ।