ਨਵੀਂ ਦਿੱਲੀ, 27 ਅਗਸਤ

ਭਾਰਤ ਵੱਲੋਂ ਅਫਗਾਨਿਸਤਾਨ ਵਿੱਚ ਤੇਜ਼ੀ ਨਾਲ ਬਦਲ ਰਹੇ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸੇ ਦੌਰਾਨ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਜਿਹੜੇ ਭਾਰਤੀ ਅਫਗਾਨਿਸਤਾਨ ਛੱਡਣ ਦੇ ਇੱਛੁਕ ਸਨ, ਉਨ੍ਹਾਂ ਵਿੱਚੋਂ ਵਧੇਰੇ ਗਿਣਤੀ ਲੋਕਾਂ ਨੂੰ ਭਾਰਤ ਵਾਪਸ ਲਿਆਂਦਾ ਜਾ ਚੁੱਕਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਜੇ ਵੀ ਜਿਹੜੇ ਭਾਰਤੀ ਲੋਕ ਅਫਗਾਨਿਸਤਾਨ ਵਿੱਚ ਫਸੇ ਹੋਏ ਹਨ ,ਉਨ੍ਹ੍ਵਾਂ ਨੂੰ ਵਾਪਸ ਭਾਰਤ ਲਿਆਉਣ ਲਈ ਪੂਰੇ ਯਤਨ ਕੀਤੇ ਜਾਣਗੇ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਜੇ ਇਹ ਸਾਫ ਨਹੀਂ ਹੈ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਸਰਕਾਰ ਬਣੇਗੀ ਜਾਂ ਨਹੀਂ ਤੇ ਉਥੇ ਅਨਿਸ਼ਚਤਤਾ ਦਾ ਮਾਹੌਲ ਹੈ। ਇਸੇ ਦੌਰਾਨ ਭਾਰਤੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਯਤਨਸ਼ੀਲ ਹੈ।