ਚੰਡੀਗੜ੍ਹ, 25 ਫਰਵਰੀ 2019
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅੱਜ ਸੁਨਾਮ ਤੋਂ ‘ਆਪ’ ਦੇ ਵਿਧਾਇਕ ਅਮਨ ਅਰੋੜਾ ਨੇ ਸੂਬੇ ਵਿਚ ਲਾਊਡ ਸਪੀਕਰ ਨਾਲ ਹੋ ਰਹੇ ਸ਼ੋਰ ਪ੍ਰਦੂਸ਼ਣ ਦਾ ਮੁੱਦਾ ਚੁੱਕਿਆ। ਇਸ ਮੁੱਦੇ ‘ਤੇ ਧਿਆਨ ਦਿਵਾਊ ਮਤਾ ਲਿਆਉਂਦਿਆਂ ਅਰੋੜਾ ਨੇ ਕਿਹਾ ਕਿ ਲਾਊਡ ਸਪੀਕਰ ਨਾਲ ਹੋ ਰਹੇ ਸ਼ੋਰ ਪ੍ਰਦੂਸ਼ਣ ਦਾ ਮੁੱਦਾ ਅਤਿ ਗੰਭੀਰ ਹੈ ਅਤੇ ਇਸ ਸੰਬੰਧੀ ਉਹ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦੌਰਾਨ ਵੀ ਮੁੱਦਾ ਉਠਾ ਚੁੱਕੇ ਹਨ ਪਰੰਤੂ ਇਸ ‘ਤੇ ਕੋਈ ਕੋਈ ਕਾਰਵਾਈ ਨਹੀਂ ਹੋਈ।
ਅਰੋੜਾ ਨੇ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦੌਰਾਨ ਨਿਯਮਾਂ ਦੀਆਂ ਧੱਜੀਆਂ ਉਠਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਨੇ ਵੀ ਆਦੇਸ਼ ਕੀਤਾ ਹੈ ਕਿ ਸਪੀਕਰ ਦੀ ਆਵਾਜ਼ ਚਾਰਦੀਵਾਰੀ ਤੋਂ ਬਾਹਰ ਨਹੀਂ ਜਾਣੀ ਚਾਹੀਦੀ ਪਰੰਤੂ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਕਾਰਨ ਸਕੂਲੀ ਬੱਚਿਆਂ ਦੀਆਂ ਪ੍ਰੀਖਿਆਵਾਂ ਦੌਰਾਨ ਅਤੇ ਬਿਮਾਰ ਵਿਅਕਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਅਰੋੜਾ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਗੁਰਦੁਆਰਿਆਂ ਦੇ ਗ੍ਰੰਥੀ ਸਾਹਿਬਾਨਾ ਨੂੰ ਉੱਚੀ ਆਵਾਜ਼ ਵਿਚ ਲਾਊਡ ਸਪੀਕਰ ਚਲਾਉਣ ਤੋਂ ਵਰਜਿਆ ਹੈ। ਇਸ ‘ਤੇ ਅਮਲ ਕਰਦਿਆਂ ਦਿੱਲੀ ਅਤੇ ਮੁੰਬਈ ਦੇ ਕੁੱਝ ਗੁਰਦੁਆਰਾ ਸਾਹਿਬ ਵਿਚ ਸੰਗਤ ਲਈ ਹੈਡਫੋਨ ਦੀ ਸੁਵਿਧਾ ਕੀਤੀ ਗਈ ਹੈ, ਪਰੰਤੂ ਪੰਜਾਬ ਵਿਚ ਇਸ ਸੰਬੰਧੀ ਕੋਈ ਕਾਰਵਾਈ ਅਜੇ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਾਰੇ ਧਰਮਾਂ ਨਾਲ ਸੰਬੰਧਿਤ ਸਥਾਨਾਂ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।