ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ 180 ਹੋਰ ਭਾਰਤੀਆਂ ਨੂੰ ਦੇਸ਼ ਵਿੱਚੋਂ ਡਿਪੋਰਟ ਕੀਤਾ ਜਾ ਰਿਹਾ ਹੈ। ਰਿਪੋਰਟਾਂ ਅਨੁਸਾਰ 15 ਫਰਵਰੀ ਨੂੰ ਅਮਰੀਕੀ ਜਹਾਜ਼ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇਗਾ। ਜਿਸ ਤੋਂ ਬਾਅਦ ਉਨ੍ਹਾਂ ਦੀ ਜਾਂਚ ਕਰਕੇ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਵੇਗਾ। ਹਾਲਾਂਕਿ ਇਸ ‘ਤੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਟਰੰਪ ਦੇ ਰਾਸ਼ਟਰਪਤੀ ਬਣਦੇ ਹੀ 11 ਦਿਨਾਂ ਦੇ ਅੰਦਰ 25 ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਇਸ ਦੇ ਲਈ ਟਰੰਪ ਦੀ ਟੀਮ ਨੇ ਅਮਰੀਕਾ ਦੇ 12 ਰਾਜਾਂ ਵਿੱਚ ਛਾਪੇਮਾਰੀ ਕੀਤੀ ਸੀ। ਜਿਸ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਫੜ ਕੇ ਡਿਪੋਰਟ ਲਈ ਭੇਜਿਆ ਜਾ ਰਿਹਾ ਹੈ। ਇਨ੍ਹਾਂ ਵਿੱਚ 1700 ਗ਼ੈਰਕਾਨੂੰਨੀ ਪ੍ਰਵਾਸੀ ਭਾਰਤੀ ਵੀ ਸ਼ਾਮਿਲ ਹਨ। ਟਰੰਪ ਦੀ ਇਸ ਕਾਰਵਾਈ ਤੋਂ ਬਾਅਦ ਘੁਸਪੈਠ ਦੀਆਂ ਘਟਨਾਵਾਂ ‘ਚ 94 ਫੀਸਦੀ ਕਮੀ ਆਈ ਹੈ। ਬਾਇਡਨ ਦੇ ਕਾਰਜਕਾਲ ਦੌਰਾਨ 1 ਜਨਵਰੀ ਤੋਂ 19 ਜਨਵਰੀ ਦਰਮਿਆਨ ਮੈਕਸੀਕੋ ਸਰਹੱਦ ‘ਤੇ ਹਰ ਰੋਜ਼ ਔਸਤਨ 2087 ਘਟਨਾਵਾਂ ਸਾਹਮਣੇ ਆ ਰਹੀਆਂ ਸਨ। ਜਦੋਂ ਕਿ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ 20 ਜਨਵਰੀ ਤੋਂ 31 ਜਨਵਰੀ ਤੱਕ ਇਹ ਅੰਕੜਾ ਘੱਟ ਕੇ 126 ਰਹਿ ਗਿਆ ਹੈ।

ਦੱਸ ਦੇਈਏ ਕਿ ਰਾਸ਼ਟਰਪਤੀ ਚੋਣ ਦੌਰਾਨ ਡੋਨਾਲਡ ਟਰੰਪ ਨੇ ਅਮਰੀਕਾ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਦੇਸ਼ ਨਿਕਾਲੇ ਦਾ ਵਾਅਦਾ ਕੀਤਾ ਸੀ। ਆਪਣਾ ਵਾਅਦਾ ਪੂਰਾ ਕਰਦੇ ਹੋਏ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ ਟੀਮ ਨੇ 15 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਸੂਚੀ ਜਾਰੀ ਕੀਤੀ ਸੀ। ਜਿਸ ਵਿੱਚ 18 ਹਜ਼ਾਰ ਗੈਰ-ਨਿਵਾਸੀ ਭਾਰਤੀ ਸਨ।