ਵਾਸ਼ਿੰਗਟਨ: ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਲਈ ਦੁਨੀਆ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਨਾਲ ਦੁਨੀਆ ਭਰ ਵਿੱਚ ਤਣਾਅ ਦਾ ਮਹੌਲ ਬਣ ਗਿਆ ਹੈ। ਡੋਨਲਡ ਟਰੰਪ ਦੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਦੇ ਸਿਰਫ਼ ਚਾਰ ਦਿਨਾਂ ਦੇ ਅੰਦਰ ਹੀ, ਦੇਸ਼ ਨੇ ਫੌਜ ਦੇ ਜਹਾਜ਼ਾਂ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਦੇਸ਼ ਨਿਕਾਲੇ ਦੀਆਂ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ ‘ਤੇ ਦੇਸ਼ ਨਿਕਾਲਾ ਦੇਣਾ ਟਰੰਪ ਦੀ ਮੁਹਿੰਮ ਦੇ ਮੁੱਖ ਚੋਣ ਵਾਅਦਿਆਂ ਵਿੱਚੋਂ ਇੱਕ ਰਿਹਾ ਹੈ।

ਟਰੰਪ ਨੇ ਅਹੁਦੇ ਦੀ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਦੇ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ। ਰੱਖਿਆ ਵਿਭਾਗ ਨੇ ਕਿਹਾ ਕਿ ਉਹਨਾਂ ਦੇ ਦੋ ਜਹਾਜ਼ਾਂ ਨੇ ਸੰਯੁਕਤ ਰਾਜ ਤੋਂ ਗੁਆਟੇਮਾਲਾ ਲਈ ਦੇਸ਼ ਨਿਕਾਲਾ ਉਡਾਣਾਂ ਚਲਾਈਆਂ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲਿਨ ਲੇਵਿਟ ਨੇ ਬਾਅਦ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਟਰੰਪ ਦੀਆਂ ਸਰਹੱਦੀ ਨੀਤੀਆਂ ਕਾਰਨ ਪਹਿਲਾਂ ਹੀ 538 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਸਾਬਕਾ ਰਾਸ਼ਟਰਪਤੀ ਡਵਾਈਟ ਆਈਜ਼ਨਹਾਵਰ ਤੋਂ ਬਾਅਦ ਪਹਿਲੀ ਵਾਰ ਫੌਜੀ ਜਹਾਜ਼ਾਂ ਦੀ ਵਰਤੋਂ ਕਰਕੇ ਦੇਸ਼ ਨਿਕਾਲੇ ਦੀਆਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ।

ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵੱਖ-ਵੱਖ ਦੇਸ਼ਾਂ ਦੇ 20 ਲੱਖ ਤੋਂ ਵੱਧ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਬਾਹਰ ਕੱਢਿਆ ਜਾ ਸਕਦਾ ਹੈ। ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰ ਕਿਹਾ ਕਿ ਅਸੀਂ ਅਪਰਾਧੀਆਂ ਨੂੰ ਦੇਸ਼ ਤੋਂ ਬਾਹਰ ਕੱਢ ਰਹੇ ਹਾਂ। ਉਹ ਅਪਰਾਧੀ ਹਨ ਜੋ ਸਾਡੇ ਦੇਸ਼ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਏ ਹਨ। ਦੇਸ਼ ਨਿਕਾਲੇ ਲਈ ਉਡਾਣਾਂ ਸ਼ੁਰੂ ਹੋ ਗਈਆਂ ਹਨ।’

ਵ੍ਹਾਈਟ ਹਾਊਸ ਨੇ ਤਸਵੀਰ ਜਾਰੀ ਕਰਦੇ ਲਿਖਿਆ’ ਰਾਸ਼ਟਰਪਤੀ ਟਰੰਪ ਦੁਨੀਆ ਨੂੰ ਇੱਕ ਮਜ਼ਬੂਤ ​​ਅਤੇ ਸਪੱਸ਼ਟ ਸੰਦੇਸ਼ ਭੇਜ ਰਹੇ ਹਨ: ਜੇਕਰ ਤੁਸੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੁੰਦੇ ਹੋ, ਤਾਂ ਇਸਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।’

ਇਸ ਤੋਂ ਇਲਾਵਾ ਰਾਸ਼ਟਰਪਤੀ ਟਰੰਪ ਨੇ ਉੱਤਰੀ ਕੈਰੋਲੀਨਾ ਵਿੱਚ ਪੱਤਰਕਾਰਾਂ ਨੂੰ ਕਿਹਾ, “ਦੇਸ਼ ਨਿਕਾਲੇ ਦੀ ਪ੍ਰਕਿਰਿਆ ਬਹੁਤ ਵਧੀਆ ਚੱਲ ਰਹੀ ਹੈ। ਅਸੀਂ ਬੁਰੇ, ਖ਼ਤਰਨਾਕ ਅਪਰਾਧੀਆਂ ਨੂੰ ਬਾਹਰ ਕੱਢ ਰਹੇ ਹਾਂ। ਇਹ ਕਾਤਲ ਹਨ। ਇਹ ਉਹ ਲੋਕ ਹਨ ਜੋ ਬਹੁਤ ਬੁਰੇ ਹਨ। ਅਸੀਂ ਪਹਿਲਾਂ ਇਹਨਾਂ ਨੂੰ ਬਾਹਰ ਕੱਢ ਰਹੇ ਹਾਂ।’