ਨਵੀਂ ਦਿੱਲੀ:ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਅੱਜ ਭਾਰਤ ਦੇ 4 ਦਿਨਾਂ ਦੌਰੇ ‘ਤੇ ਦਿੱਲੀ ਪਹੁੰਚੇ ਹਨ। ਉਪ ਰਾਸ਼ਟਰਪਤੀ ਵੈਂਸ ਆਪਣੀ ਪਤਨੀ ਊਸ਼ਾ ਅਤੇ ਤਿੰਨ ਬੱਚਿਆਂ ਨਾਲ ਭਾਰਤ ਦੇ ਦੌਰੇ ‘ਤੇ ਹਨ। ਉਨ੍ਹਾਂ ਦੇ ਸਵਾਗਤ ਲਈ ਦਿੱਲੀ ਦੀਆਂ ਸੜਕਾਂ ‘ਤੇ ਵੱਡੇ-ਵੱਡੇ ਹੋਰਡਿੰਗ ਲਗਾਏ ਗਏ ਹਨ। ਦਿੱਲੀ ਪਹੁੰਚਣ ਤੋਂ ਬਾਅਦ, ਵੈਂਸ ਪਹਿਲਾਂ ਆਪਣੇ ਪਰਿਵਾਰ ਨਾਲ ਸਵਾਮੀਨਾਰਾਇਣ ਅਕਸ਼ਰਧਾਮ ਮੰਦਿਰ ਜਾਉਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6.30 ਵਜੇ ਪ੍ਰਧਾਨ ਮੰਤਰੀ ਨਿਵਾਸ ‘ਤੇ ਵੈਂਸ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਵਾਗਤ ਕਰਨਗੇ।
ਪ੍ਰਧਾਨ ਮੰਤਰੀ ਨੇ ਅੱਜ ਜੇਡੀ ਵੈਂਸ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਹੈ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਅਧਿਕਾਰਤ ਗੱਲਬਾਤ ਹੋਵੇਗੀ। ਇਸ ਸਮੇਂ ਦੌਰਾਨ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਤੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਿਨੈ ਮੋਹਨ ਕਵਾਤਰਾ ਭਾਰਤੀ ਟੀਮ ਦੇ ਮੈਂਬਰ ਹੋਣਗੇ।
ਵੈਂਸ ਦੇ ਨਾਲ ਪੰਜ ਮੈਂਬਰੀ ਵਫ਼ਦ ਵੀ ਹਨ। ਵੈਂਸ ਆਪਣੀ ਭਾਰਤ ਫੇਰੀ ਦੌਰਾਨ ਆਗਰਾ ਅਤੇ ਜੈਪੁਰ ਵੀ ਜਾਣਗੇ। ਅਮਰੀਕੀ ਉਪ ਰਾਸ਼ਟਰਪਤੀ ਦੇ ਦੌਰੇ ਦੇ ਮੱਦੇਨਜ਼ਰ ਦਿੱਲੀ ਅਤੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਕ ਡ੍ਰਿਲ ਵੀ ਕੀਤੇ ਗਏ ਹਨ।
ਦੱਸ ਦੇਈਏ ਕਿ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦਾ ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਸਮੇਤ 60 ਦੇਸ਼ਾਂ ‘ਤੇ ਟੈਰਿਫ ਲਗਾਏ ਹਨ, ਇਸ ਲਈ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਵਿੱਚ ਵਪਾਰ ਦਾ ਮੁੱਦਾ ਸਿਖਰ ‘ਤੇ ਰਹਿਣ ਵਾਲਾ ਹੈ। ਵੈਂਸ ਦਾ ਇਹ ਦੌਰਾ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ ਦੇ ਪਹਿਲੇ ਪੜਾਅ ਨੂੰ ਪੂਰਾ ਕਰਨ ਲਈ ਮਹੱਤਵਪੂਰਨ ਹੈ। ਦੋਵਾਂ ਦੇਸ਼ਾਂ ਨੇ ਸਾਲ 2030 ਤੱਕ ਆਪਸੀ ਵਪਾਰ ਨੂੰ 500 ਬਿਲੀਅਨ ਡਾਲਰ ਤੱਕ ਲਿਜਾਣ ਦਾ ਟੀਚਾ ਰੱਖਿਆ ਹੈ, ਇਸ ਲਈ ਵੈਂਸ ਅਤੇ ਮੋਦੀ ਵਿਚਕਾਰ ਵਪਾਰ, ਆਯਾਤ ਡਿਊਟੀ ਅਤੇ ਗੈਰ-ਟੈਰਿਫ ਰੁਕਾਵਟਾਂ ਨੂੰ ਘਟਾਉਣ ‘ਤੇ ਚਰਚਾ ਹੋ ਸਕਦੀ ਹੈ।