ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ CBI ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਅਤੇ ਇਸੇ ਕੇਸ ਵਿੱਚ ਜ਼ਮਾਨਤ ਲਈ ਦਾਇਰ ਉਸ ਦੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਕਿਹਾ ਕਿ ਕੇਜਰੀਵਾਲ ਜ਼ਮਾਨਤ ਲਈ ਹੇਠਲੀ ਅਦਾਲਤ ਤੱਕ ਪਹੁੰਚ ਕਰ ਸਕਦੇ ਹਨ।
ਹਾਈ ਕੋਰਟ ਨੇ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਨਹੀਂ ਹੈ ਅਤੇ ਇਹ ਨਹੀਂ ਕਿਹਾ ਜਾ ਸਕਦਾ ਕਿ CBI ਨੇ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਗ੍ਰਿਫਤਾਰ ਕੀਤਾ ਹੈ। ਕੇਜਰੀਵਾਲ ਨੂੰ 26 ਜੂਨ ਨੂੰ ਈਡੀ ਦੀ ਹਿਰਾਸਤ ਵਿੱਚ CBI ਨੇ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੇ CBI ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਅਤੇ ਰਿਮਾਂਡ ’ਤੇ ਭੇਜਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੂੰ 21 ਮਾਰਚ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਲੋਕ ਸਭਾ ਚੋਣਾਂ ਦੌਰਾਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਈਡੀ ਅਤੇ CBI ਨੇ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦਾ ਮਾਸਟਰਮਾਈਂਡ ਦੱਸਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੀ ਰਹੀ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਨੂੰ ਅਸਥਿਰ ਕਰਨ ਲਈ ਮੁੱਖ ਮੰਤਰੀ ਅਤੇ ਹੋਰ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਹੈ।