ਇਸਲਾਮਾਬਾਦ, 31 ਮਾਰਚ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ ਵਿੱਚ ਬਹੁਮਤ ਗੁਆਉਣ ਦੇ ਬਾਵਜੂਦ ਵੀਰਵਾਰ ਨੂੰ ਸੰਕਤੇ ਦਿੱਤਾ ਕਿ ਉਹ ਅਸਤੀਫ਼ਾ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਉਹ ਐਤਵਾਰ ਨੂੰ ਬੇਭਰੋਸਗੀ ਮਤੇ ’ਤੇ ਹੋਣ ਵਾਲੀ ਵੋਟਿੰਗ ਦਾ ਸਾਹਮਣਾ ਕਰਨਗੇ। ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਬੇਭਰੋਸਗੀ ਮਤੇ ’ਤੇ ਵੋਟਿੰਗ ਦਾ ਨਤੀਜਾ ਭਾਵੇਂ ਕੁਝ ਵੀ ਹੋੇਵੇ, ਉਹ ਵਧੇਰੇ ਮਜ਼ਬੂਤ ਹੋ ਕੇ ਪਰਤਣਗੇ।  ਉਨ੍ਹਾਂ ਕਿਹਾ ਕਿ ਮੁਲਕ ਇਤਿਹਾਸ ਦੇ ਇਕ ਫੈਸਲਾਕੁੰਨ ਦੌਰ ’ਚ ਪੁੱਜ ਗਿਆ ਹੈ। ਜਦੋਂ ਉਨ੍ਹਾਂ ਸਿਆਸਤ ਵਿੱਚ ਕਦਮ ਰੱਖਿਆ, ਉਨ੍ਹਾਂ ਦੇ ਤਿੰਨ ਉਦੇਸ਼ ਸਨ, ਨਿਆਂ, ਮਨੁੱਖਤਾ ਅਤੇ ਆਤਮਨਿਰਭਰਤਾ ਯਕੀਨੀ ਬਣਾਉਣਾ। ਉਨ੍ਹਾਂ ਕਿਹਾ ਕਿ ਰੂਸ ਜਾਣ ਦਾ ਫੈਸਲਾ ਉਨ੍ਹਾਂ ਵਿਦੇਸ਼ ਮੰਤਰਾਲੇ ਨਾਲ ਮੀਟਿੰਗ ਬਾਅਦ ਲਿਆ ਸੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ‘ਧਮਕੀ ਵਾਲੇ ਪੱਤਰ’ ਦੇ ਮਾਮਲੇ ਵਿੱਚ ਸ਼ੱਕ ਦੇ ਘੇਰੇ ਵਿੱਚ ਆਏ ਮੁਲਕ ਵਜੋਂ ਅਮਰੀਕਾ ਦਾ ਨਾਂ ਲਿਆ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਬੇਭਰੋਸਗੀ ਮਤੇ ’ਤੇ ਵੋਟਿੰਗ ਹੋਵੇਗੀ। ਉਨ੍ਹਾਂ ਨੂੰ ਹੇਠਲੇ ਸਦਨ ਵਿੱਚ ਭਰੋਸੇ ਦਾ ਵੋਟ ਜਿੱਤਣ ਲਈ 342 ਵਿਚੋਂ 172 ਵੋਟਾਂ ਦੀ ਲੋੜ ਹੈ, ਜਦੋਂ ਕਿ ਵਰੋਧੀ ਧਿਰ ਦਾ ਕਹਿਣਾ ਹੈ ਕਿ ਉਸ ਕੋਲ 175 ਸੰਸਦ ਮੈਂਬਰਾਂ ਦਾ ਸਮਰਥਨ ਹੈ ਤੇ ਪ੍ਰਧਾਨ ਮੰਤਰੀ ਨੂੰ ਤੁਰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਹੁਣ ਤਕ ਕਿਸੇ ਵੀ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ 5 ਵਰ੍ਹਿਆਂ ਦਾ ਕਾਰਜਕਾਲ ਪੂਰਾ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਇਤਿਹਾਸ ਵਿੱਚ ਨਾ ਹੀ ਕਿਸੇ ਪ੍ਰਧਾਨ ਮੰਤਰੀ ਨੂੰ ਬੇਭਰੋਸਗੀ ਮਤੇ ਰਾਹੀਂ ਹਟਾਇਆ ਗਿਆ ਹੈ। ਇਮਰਾਨ ਖ਼ਾਨ ਤੀਜੇ ਅਜਿਹੇ ਆਗੂ ਹਨ ਜਿਨ੍ਹਾਂ ਨੂੰ ਅਜਿਹੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।