ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਫਿਰ ਤੋਂ ਚੁਣੌਤੀ ਦਿੱਤੀ ਹੈ।

ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਉਸ ਦਾ ਅਜਨਾਲਾ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਜਿਹੇ ‘ਚ ਉਨ੍ਹਾਂ ‘ਤੇ NSA ਲਗਾਉਣਾ ਗਲਤ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ।

ਦੱਸ ਦੇਈਏ ਕਿ ਦਲਜੀਤ ਸਿੰਘ ਕਲਸੀ ਇਸ ਵੇਲੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਸ ਦੇ ਵਕੀਲਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 23 ਫਰਵਰੀ 2023 ਨੂੰ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੀ ਐਫਆਈਆਰ ਵਿੱਚ ਉਸ ਦਾ ਵੀ ਨਾਂ ਹੈ, ਜਦ ਉਹ ਇਸ ਵਿੱਚ ਸ਼ਾਮਲ ਨਹੀਂ ਸੀ ਅਤੇ ਨਾ ਹੀ ਉਸ ਵਿਰੁੱਧ ਕੋਈ ਠੋਸ ਸਬੂਤ ਹੈ।