ਜਿਵੇਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਦਮਦਮਾ ਸਾਹਿਬ ਦੇ ਵੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ’ਚ ਤਿੱਖੀ ਬਹਿਸ ਦੀ ਵੀਡੀਓ ਵਾਇਰਲ ਹੋਈ ਤਾਂ ਉਸ ਤੋਂ ਬਾਅਦ ਅੰਤਰਿੰਗ ਕਮੇਟੀ ਨੇ 15 ਦਿਨ ਲਈ ਗਿਆਨੀ ਹਰਪ੍ਰੀਤ ਸਿੰਘ ਨੂੰ ਉਹਨਾਂ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ। ਜਿਸ ਤੋਂ ਬਾਅਦ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਦੇ ਪਿਤਾ ਤਰਸੇਮ ਸਿੰਘ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਵਾਸਤੇ ਪਹੁੰਚੇ, ਪਰ ਉਨ੍ਹਾਂ ਨੂੰ ਜਥੇਦਾਰ ਨਾ ਤਾਂ ਘਰ ਮਿਲ ਪਾਏ ਅਤੇ ਨਾ ਹੀ ਉਹ ਆਪਣੇ ਦਫ਼ਤਰ ’ਚ ਸਨ। ਇਸ ਤੋਂ ਬਾਅਦ ਉਹਨਾਂ ਆਪਣਾ ਸੁਝਾਅ ਪੱਤਰ ਉਥੇ ਲੱਗੇ ਸੁਝਾਅ ਬਾਕਸ ’ਚ ਪਾ ਕੇ ਚਲੇ ਗਏ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਰਸੇਮ ਸਿੰਘ ਨੇ ਕਿਹਾ ਕਿ ਜੋ ਗਿਆਨੀ ਹਰਪ੍ਰੀਤ ਸਿੰਘ ਨਾਲ ਵਤੀਰਾ ਕੀਤਾ ਜਾ ਰਿਹਾ ਹੈ, ਉਹ ਬਿਲਕੁਲ ਗ਼ਲਤ ਹੈ ਅਤੇ ਉਹਨਾਂ ਨੂੰ ਕੌਝੀ ਰਾਜਨੀਤੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਜੋ ਬੀਬੀ ਜਗੀਰ ਕੌਰ ’ਤੇ ਟਿੱਪਣੀ ਕੀਤੀ ਗਈ ਹੈ ਉਸ ਬਾਰੇ ਬੋਲਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਪ੍ਰਧਾਨ ਨੂੰ ਖ਼ੁਦ ਹੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਸੁਖਬੀਰ ਬਾਦਲ ’ਤੇ ਹੋਏ ਹਮਲੇ ਬਾਰੇ ਬੋਲਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਇਸ ਘਟਨਾ ਨੂੰ ਐਵੇਂ ਹੀ ਵੱਡਾ ਮੁੱਦਾ ਬਣਾਇਆ ਜਾ ਰਿਹਾ ਹੈ ਅਤੇ ਬਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਛੇਕਣ ਵਾਲੀ ਹਰਕਤ ਦਾ ਡੱਟ ਕੇ ਵਿਰੋਧ ਕੀਤਾ ਜਾਵੇ।

ਇੱਥੇ ਦੱਸਣ ਯੋਗ ਹੈ ਕਿ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਵੱਲੋਂ ਲਗਾਤਾਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਰੇ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਅੱਜ ਉਹਨਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ’ਤੇ ਆਪਣਾ ਸੁਝਾਅ ਦੇਣ ਵਾਸਤੇ ਪਹੁੰਚੇ ਸਨ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾ ਤਾਂ ਉਹਨਾਂ ਨੂੰ ਆਪਣੇ ਗ੍ਰਹਿ ਨਿਵਾਸ ’ਚ ਮਿਲੇ ਅਤੇ ਨਾ ਹੀ ਮੁੱਖ ਦਫ਼ਤਰ ’ਚ ਮਿਲੇ। ਜਿਸ ਤੋਂ ਬਾਅਦ ਉਹਨਾਂ ਵੱਲੋਂ ਆਪਣਾ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਲੱਗੇ ਸੁਝਾਅ ਬਾਕਸ ’ਚ ਪਾ ਕੇ ਮੀਡੀਆ ਨਾਲ ਗੱਲਬਾਤ ਕੀਤੀ।