ਅੰਮ੍ਰਿਤਸਰ, 24 ਅਪਰੈਲ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅੱਜ ਇਥੇ ਆਖਿਆ ਕਿ ਪੁਲੀਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਸਗੋਂ ਉਸ ਨੇ ਆਤਮ ਸਮਰਪਣ ਕੀਤਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਅੱਜ ਮਾਹੌਲ ਆਮ ਵਾਂਗ ਸੀ। ਲੋਕ ਸ਼ਾਂਤ ਸਨ ਤੇ ਪਿੰਡ ਵਿੱਚ ਪੁਲੀਸ ਵੀ ਨਹੀਂ ਸੀ। ਕੁਝ ਚਿੱਟ ਕੱਪੜੀਏ ਪੁਲੀਸ ਮੁਲਾਜ਼ਮ ਪਿੰਡ ਵਿੱਚ ਤਾਇਨਾਤ ਸਨ, ਜੋ ਪਰਿਵਾਰਕ ਮੈਂਬਰਾਂ ਅਤੇ ਆਉਣ-ਜਾਣ ਵਾਲਿਆਂ ’ਤੇ ਨਜ਼ਰ ਰੱਖ ਰਹੇ ਸਨ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਆਤਮ ਸਮਰਪਣ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅੱਗੇ ਪੇਸ਼ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਇਸ਼ਨਾਨ ਕੀਤਾ ਤੇ ਗੁਰਦੁਆਰੇ ਵਿੱਚ ਬੈਠ ਕੇ ਪਾਠ ਕੀਤਾ। ਅੰਮ੍ਰਿਤਪਾਲ ਨੇ ਗੁਰਦੁਆਰੇ ’ਚੋਂ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕੀਤਾ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਦੇਣ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਆਪਣੇ ਕੱਪੜੇ ਤੇ ਹੋਰ ਲੋੜੀਂਦਾ ਸਾਮਾਨ ਵੀ ਨਾਲ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੁਲੀਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਸਗੋਂ ਉਸ ਨੇ ਆਤਮ ਸਮਰਪਣ ਕੀਤਾ ਹੈ।
ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਮੌਕੇ ’ਤੇ ਨਹੀਂ ਗਏ, ਪਰ ਜੋ ਕੁਝ ਸੁਣਨ ਨੂੰ ਮਿਲਿਆ ਹੈ, ਉਸ ਮੁਤਾਬਕ ਅੰਮ੍ਰਿਤਪਾਲ ਨੇ ਖ਼ੁਦ ਗ੍ਰਿਫ਼ਤਾਰੀ ਦਿੱਤੀ ਹੈ। ਉਨ੍ਹਾਂ ਤਸੱਲੀ ਪ੍ਰਗਟਾਈ ਕਿ ਉਨ੍ਹਾਂ ਦਾ ਪੁੱਤਰ ਠੀਕ ਹੈ ਤੇ ਉਸ ਨੇ ਆਪਣਾ ਸਿੱਖੀ ਸਰੂਪ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਾਹਮਣੇ ਆ ਕੇ ਹੀ ਲੜਨੀ ਪਵੇਗੀ। ਤਰਸੇਮ ਸਿੰਘ ਨੇ ਦੱਸਿਆ ਕਿ ਪਰਿਵਾਰ ਨੂੰ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀ ਖ਼ਬਰ ਉਸ ਦੇ ਚਾਚੇ ਰਾਹੀਂ ਮਿਲੀ ਹੈ, ਜਿਸ ਨੇ ਇਹ ਖ਼ਬਰ ਕਿਸੇ ਟੀਵੀ ਚੈਨਲ ’ਤੇ ਦੇਖੀ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਰਿਵਾਰ ਨੂੰ ਅੰਮ੍ਰਿਤਪਾਲ ਵੱਲੋਂ ਗ੍ਰਿਫ਼ਤਾਰੀ ਦਿੱਤੇ ਜਾਣ ਬਾਰੇ ਕੋਈ ਜਾਣਕਾਰੀ ਨਹੀਂ ਸੀ। ਅੰਮ੍ਰਿਤਪਾਲ ਦੇ ਚਾਚੇ ਨੇ ਦੱਸਿਆ ਕਿ ਉਸ ਨੂੰ ਸਵੇਰੇ ਮੀਡੀਆ ਤੋਂ ਹੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਨੇ ਗ੍ਰਿਫ਼ਤਾਰੀ ਦੇ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦਾ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਸੀ। ਅੰਮ੍ਰਿਤਪਾਲ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਅਜਿਹਾ ਕੁੱਝ ਨਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਛੇਤੀ ਹੀ ਅੰਮ੍ਰਿਤਪਾਲ ਤੇ ਉਸ ਦੇ ਚਾਚੇ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਜਾਵੇਗਾ। ਦੂਜੇ ਪਾਸੇ ਪੰਜਾਬ ਪੁਲੀਸ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਰੋਡੇ ਦੇ ਇੱਕ ਗੁਰਦੁਆਰੇ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ।