ਚੰਡੀਗੜ੍ਹ, 24 ਅਪਰੈਲ
ਪੰਜਾਬ ਪੁਲੀਸ ਨੇ ਸਾਂਝਾ ਅਪਰੇਸ਼ਨ ਕਰਕੇ 35 ਦਿਨਾਂ ਤੋਂ ਫ਼ਰਾਰ ਚੱਲ ਰਹੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਨੂੰ ਅੱਜ ਤੜਕਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ (ਦਿਹਾਤੀ) ਦੇ ਐੱਸਐੱਸਪੀ ਸਤਿੰਦਰ ਸਿੰਘ ਅਤੇ ਇੰਟੈਲੀਜੈਂਸ ਦੇ ਸਾਂਝੇ ਅਪਰੇਸ਼ਨ ਤਹਿਤ ਅੱਜ ਸਵੇਰੇ 6.45 ਵਜੇ ਪਿੰਡ ਰੋਡੇ ਤੋਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ ਆਈਜੀ ਡਾ. ਸੁਖਚੈਨ ਸਿੰਘ ਗਿੱਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਸੁਰੱਖਿਆ ਐਕਟ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਨੂੰ ਫੜਨ ਲਈ 18 ਮਾਰਚ ਤੋਂ ਸ਼ੁਰੂ ਹੋਇਆ ਅਪਰੇਸ਼ਨ ਅੱਜ ਖ਼ਤਮ ਹੋ ਗਿਆ ਹੈ।