ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕੀਤਾ ਜਾਣ ਵਾਲਾ ਰੇਲ ਰੋਕੋ ਅੰਦੋਲਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਅਤੇ 2024 ਦੀ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਭਰਪਾਈ ਸਮੇਤ ਕਈ ਮੰਗਾਂ ਨੂੰ ਲੈ ਕੇ ਇਹ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਸੀ।
ਪ੍ਰਸ਼ਾਸਨ ਨੇ ਦਿੱਤਾ ਮੁਆਵਜ਼ੇ ਦਾ ਭਰੋਸਾ
ਕਿਸਾਨ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਲਗਾਤਾਰ ਮੀਟਿੰਗਾਂ ਹੋ ਰਹੀਆਂ ਸਨ। ਐੱਸਐੱਸਪੀ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਹੜ੍ਹ ਪੀੜਤਾਂ ਦੇ ਮੁਆਵਜ਼ੇ ਦੀ ਰਕਮ ਜਾਰੀ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੀ ਸ਼ੁਰੂ ਕੀਤੀ ਜਾ ਰਹੀ ਹੈ।
ਮਾਹਲ ਮੁਤਾਬਕ ਹੜ੍ਹ ਨੂੰ ਇੱਕ ਸਾਲ ਬੀਤ ਚੁੱਕਾ ਹੈ ਅਤੇ ਪ੍ਰਭਾਵਿਤ ਪਰਿਵਾਰ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਇਸ ਦੇ ਨਾਲ ਹੀ 2024 ਵਿੱਚ ਗੜੇਮਾਰੀ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਵੀ ਸਬੰਧਤ ਅਧਿਕਾਰੀ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਲੈ ਰਹੇ ਹਨ।
ਦੋ ਮੰਗਾਂ ’ਤੇ ਸਹਿਮਤੀ ਮਗਰੋਂ ਫੈਸਲਾ
ਇਨ੍ਹਾਂ ਦੋ ਮੁੱਖ ਮੰਗਾਂ ’ਤੇ ਸਰਕਾਰ ਦੀ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ ਮੁਲਤਵੀ ਕਰਨ ਦਾ ਫੈਸਲਾ ਲਿਆ। ਪੰਜਾਬ ਪੱਧਰ ਦੀਆਂ ਹੋਰ ਮੰਗਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ।
13-14 ਜ਼ਿਲ੍ਹਿਆਂ ਤੋਂ ਪਹੁੰਚਣੇ ਸਨ ਕਿਸਾਨ
ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ 13 ਤੋਂ 14 ਜ਼ਿਲ੍ਹਿਆਂ ਤੋਂ ਕਿਸਾਨ ਅੰਮ੍ਰਿਤਸਰ ਪਹੁੰਚਣ ਵਾਲੇ ਸਨ। ਸਰਕਾਰ ਵੱਲੋਂ ਦੋ ਮੁੱਖ ਮੰਗਾਂ ’ਤੇ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬਾ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ, ਜਿਸ ਵਿੱਚ ਅੰਦੋਲਨ ਮੁਲਤਵੀ ਕਰਨ ’ਤੇ ਸਹਿਮਤੀ ਬਣੀ।
15 ਅਗਸਤ ਤੋਂ ਬਾਅਦ ਮੁੜ ਹੋਵੇਗੀ ਮੀਟਿੰਗ
ਅੰਮ੍ਰਿਤਸਰ ਦੇ ਐੱਸਐੱਸਪੀ ਨੇ ਦੱਸਿਆ ਕਿ ਡੀਆਈਜੀ, ਡਿਪਟੀ ਕਮਿਸ਼ਨਰ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਕਿਸਾਨ ਆਗੂਆਂ ਨਾਲ ਮੀਟਿੰਗ ਸੁਹਿਰਦ ਮਾਹੌਲ ਵਿੱਚ ਹੋਈ। ਕਿਸਾਨਾਂ ਦੀਆਂ ਮੰਗਾਂ ਸਬੰਧਤ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਲਿਖਤੀ ਰੂਪ ਵਿੱਚ ਭੇਜੀਆਂ ਜਾ ਚੁੱਕੀਆਂ ਹਨ। 15 ਅਗਸਤ ਤੋਂ ਬਾਅਦ ਮੁੜ ਮੀਟਿੰਗ ਕਰਕੇ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ।
ਐੱਸਐੱਸਪੀ ਮੁਤਾਬਕ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ। ਜਿਨ੍ਹਾਂ ਕਿਸਾਨਾਂ ਦਾ ਮੁਆਵਜ਼ਾ ਅਜੇ ਬਾਕੀ ਹੈ, ਉਨ੍ਹਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ।
