ਅੰਮ੍ਰਿਤਸਰ, 14 ਸਤੰਬਰ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਸੂਬੇ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਆਖਿਆ ਕਿ ਸੂਬੇ ਵਿੱਚ ਬਿਹਤਰ ਸਿੱਖਿਆ ਦੇਣ ਦਾ ਕੀਤਾ ਗਿਆ ਵਾਅਦਾ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਹੁਣ ਹਰ ਲੋੜਵੰਦ ਅਤੇ ਗਰੀਬ ਪਰਿਵਾਰ ਦੇ ਬੱਚੇ ਨੂੰ ਵੀ ਬੇਹਤਰ ਸਿੱਖਿਆ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਤਿਆਰ ਕੀਤੇ ਪਹਿਲੇ ਸਕੂਲ ਆਫ ਐਮੀਨੈਂਸ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਮੌਜੂਦ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਦੂਰ ਦਰਾਡੇ ਤੋਂ ਲਿਆਉਣ ਲਈ ਟਰਾਂਸਪੋਰਟ ਸਹੂਲਤ ਦੀ ਵੀ ਸ਼ੁਰੂਆਤ ਕੀਤੀ। ਇਸ ਸਬੰਧੀ ਤਿਆਰ ਕੀਤੀਆਂ ਸਕੂਲ ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਪੰਦਰਾਂ ਦਿਨਾਂ ਬਾਅਦ ਇਕ ਨਵੇਂ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਹੋਵੇਗੀ ਅਤੇ ਸੂਬੇ ਭਰ ਵਿੱਚ ਸਾਰੇ ਸਰਕਾਰੀ ਸਕੂਲ ਇਸੇ ਤਰਜ਼ ’ਤੇ ਬਣਨਗੇ। ਇਸ ਮੌਕੇ ਉਨ੍ਹਾਂ ਨੇ ਸਕੂਲ ਦੀ ਇਮਾਰਤ ਅਤੇ ਸਕੂਲ ਵਿੱਚ ਸਥਾਪਤ ਕੀਤੀਆਂ, ਵੱਖ-ਵੱਖ ਲੈਬ ਵੀ ਦੇਖੀਆਂ। ਇਸ ਤੋਂ ਬਾਅਦ ਉਹ ਰਣਜੀਤ ਐਵੇਨਿਊ ਵਿੱਚ ਵੱਡੀ ਰੈਲੀ ਨੂੰ ਸੰਬੋਧਨ ਕਰਨ ਲਈ ਰਵਾਨਾ ਹੋ ਗਏ। ਇਸ ਦੌਰਾਨ ਰੈਲੀ ਵਾਲੇ ਸਥਾਨ ਤੇ ਹੋਰਨਾਂ ਥਾਵਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।