ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ’ਤੇ ਦੇਰ ਰਾਤ ਇੱਕ ਮੋਟਰਸਾਈਕਲ ਅਤੇ ਸਕੋਰਪੀਓ ਦੀ ਭਿਆਨਕ ਟੱਕਰ ਹੋਈ ਜਿਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਭੇਦ ਭਰੇ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਵਿੱਚ ਭੇਜਿਆ ਗਿਆ ਹੈ। ਉੱਥੇ ਹੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਉਹਨਾਂ ਦੇ ਬੱਚਿਆਂ ਦੀ ਐਕਸੀਡੈਂਟ ਨਾਲ ਮੌਤ ਨਹੀਂ ਹੋਈ, ਸਗੋਂ ਉਹਨਾਂ ਦਾ ਕਤਲ ਕੀਤਾ ਗਿਆ ਹੈ।

ਨੌਜਵਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਵੀ ਮਿਲ ਰਹੀਆਂ ਸਨ। ਜਿਸ ਨੂੰ ਲੈ ਕੇ ਉਹਨਾਂ ਨੂੰ ਸ਼ੱਕ ਹੈ ਕਿ ਧਮਕੀਆਂ ਦੇਣ ਵਾਲੇ ਲੋਕਾਂ ਵੱਲੋਂ ਹੀ ਉਹਨਾਂ ਦੇ ਬੱਚਿਆਂ ਨੂੰ ਮਾਰਿਆ ਗਿਆ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਦੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾਣ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਦੇ ਮੌਤ ਦਾ ਅਸਲ ਕਾਰਨ ਕੀ ਸੀ।

ਉੱਥੇ ਹੀ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।