ਚੰਡੀਗੜ੍ਹ: ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ, ਤੁਸੀਂ ਚੋਣ ਟ੍ਰਿਬਿਊਨਲ ਦੇ ਸਾਹਮਣੇ ਚੋਣ ਪਟੀਸ਼ਨ ਦਾਇਰ ਕਰ ਸਕਦੇ ਹੋ।

ਕਾਂਗਰਸ ਦੇ ਵਿਕਾਸ ਸੋਨੀ ਨੇ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਨੇ ਸਦਨ ਵਿੱਚ ਸਭ ਤੋਂ ਵੱਧ 40 ਸੀਟਾਂ ਜਿੱਤੀਆਂ ਸਨ, ਫਿਰ ਵੀ ਸੱਤਾਧਾਰੀ ਪਾਰਟੀ ਨੇ ਬਿਨਾਂ ਕੋਈ ਚੋਣ ਕਰਵਾਏ ਮੇਅਰ ਦੀ ਚੋਣ ਕਰ ਦਿੱਤੀ। ਕਾਂਗਰਸੀ ਕੌਂਸਲਰਾਂ ਨੇ ਵੀ ਇਸ ਖ਼ਿਲਾਫ਼ ਆਵਾਜ਼ ਉਠਾਈ ਪਰ ਕੋਈ ਸੁਣਵਾਈ ਨਹੀਂ ਹੋਈ। ਇਸ ਲਈ ਹੁਣ ਇਸ ਚੋਣ ਨੂੰ ਰੱਦ ਕਰਕੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੇਂ ਸਿਰੇ ਤੋਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਨਾਲ ਹੀ ਹਾਈਕੋਰਟ ਵੱਲੋਂ 28 ਜਨਵਰੀ ਨੂੰ ਹੋਈਆਂ ਚੋਣਾਂ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਹੁਕਮਾਂ ਤਹਿਤ ਉਸ ਦਿਨ ਦਾ ਪੂਰਾ ਰਿਕਾਰਡ ਹਾਈਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਦੇਣ ਦੀ ਮੰਗ ਕੀਤੀ ਗਈ।

ਅੰਮ੍ਰਿਤਸਰ ਨਗਰ ਨਿਗਮ ਚੋਣ ਦੇ 37 ਦਿਨ ਬੀਤ ਜਾਣ ਤੋਂ ਬਾਅਦ ਅਖੀਰਕਾਰ ਅੰਮ੍ਰਿਤਸਰ ਨੂੰ ਮੇਅਰ ਮਿਲ ਗਿਆ, ਪਰ ਸਹੁੰ ਚੁੱਕ ਸਮਾਰੋਹ ਵਿੱਚ ਜੰਮ ਕੇ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਵੱਲੋਂ ਜਿਤਿੰਦਰ ਸਿੰਘ ਮੋਤੀ ਭਾਟੀਆ ਨੂੰ ਮੇਅਰ, ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਨੂੰ ਡਿਪਟੀ ਮੇਅਰ ਘੋਸ਼ਿਤ ਕੀਤਾ ਗਿਆ ਹੈ।

ਇਸ ਮਗਰੋਂ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਰਕਰਾਂ ਨੇ ਸੜਕ ’ਤੇ ਬੈਠ ਕੇ ਧਰਨਾ ਦਿੱਤਾ। 36 ਦਿਨ ਪਹਿਲਾਂ ਹੋਈਆਂ ਚੋਣਾਂ ‘ਚ ਕਾਂਗਰਸ 40 ਸੀਟਾਂ ਨਾਲ ਪਹਿਲੇ ਸਥਾਨ ‘ਤੇ ਰਹੀ ਸੀ। ਪਾਰਟੀ ਨੇ ਆਪਣੇ ਨਾਲ ਇੱਕ ਆਜ਼ਾਦ ਕੌਂਸਲਰ ਵੀ ਸ਼ਾਮਲ ਕੀਤਾ ਹੈ।ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਆਜ਼ਾਦ ਕੌਂਸਲਰਾਂ ਤੋਂ ਇਲਾਵਾ ਭਾਜਪਾ ਦੇ ਦੋ ਕੌਂਸਲਰਾਂ ਨੂੰ ਆਪਣੇ ਨਾਲ ਲਿਆ ਕੇ 40 ਦੇ ਅੰਕੜੇ ਨੂੰ ਛੂਹ ਲਿਆ ਸੀ।