ਅੰਮ੍ਰਿਤਸਰ, 27 ਅਗਸਤ

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕੀਤੇ ਫ਼ੈਸਲੇ ਤਹਿਤ ਸਿੱਖ ਕਾਰਕੁਨਾਂ ਨੇ ਇਥੇ ਪੁਲੀਸ ਕੋਲ ਪ੍ਰਧਾਨ ਮੰਤਰੀ ਖ਼ਿਲਾਫ਼ ਸ਼ਿਕਾਇਤ ਕਰਕੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਹੇਠ ਆਈਪੀਸੀ ਦੀ ਧਾਰਾ 295 ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਇਸ ਤੋਂ ਪਹਿਲਾਂ ਇਥੇ ਹਰਿਮੰਦਰ ਸਾਹਿਬ ਦੇ ਬਾਹਰ ਭਾਈ ਧਿਆਨ ਸਿੰਘ ਮੰਡ ਨੇ ਇਸ ਬਾਰੇ ਫੈ਼ਸਲਾ ਜਾਰੀ ਕਰਦਿਆਂ ਆਖਿਆ ਕਿ ਅਯੁੱਧਿਆ ਵਿਖੇ ਰਾਮ ਮੰਦਿਰ ਦੇ ਨਿਰਮਾਣ ਵੇਲੇ ਉਨ੍ਹਾਂ ਗੁਰੂ ਗੋਬਿੰਦ ਸਿੰਘ ਵੱਲੋਂ ਗੋਬਿੰਦ ਰਮਾਇਣ ਲਿਖਣ ਦਾ ਦਾਅਵਾ ਕੀਤਾ ਗਿਆ ਸੀ। ਅਜਿਹਾ ਕਰ ਕੇ ਸਿੱਖ ਕੌਮ ਨੂੰ ਹਿੰਦੂ ਕੌਮ ਦਾ ਹਿੱਸਾ ਦੱਸਣ ਦਾ ਯਤਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੂੰ ਪੰਦਰਾਂ ਦਿਨਾਂ ਵਿੱਚ ਆਪਣੇ ਸ਼ਬਦ ਵਾਪਸ ਲੈਣ ਅਤੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਲਈ ਆਖਿਆ ਸੀ ਪਰ ਹੁਣ ਤੱਕ ਉਨ੍ਹਾਂ ਨੇ ਨਾ ਆਪਣੇ ਸ਼ਬਦ ਵਾਪਸ ਲਏ ਹਨ ਅਤੇ ਨਾ ਹੀ ਸਿੱਖ ਕੌਮ ਕੋਲੋਂ ਮੁਆਫ਼ੀ ਮੰਗੀ। ਇਸ ਲਈ ਅੱਜ ਪੰਜ ਪਿਆਰਿਆਂ ਨਾਲ ਫੈਸਲਾ ਕਰਕੇ ਸਿੱਖ ਕੌਮ ਨੂੰ ਪ੍ਰਧਾਨ ਮੰਤਰੀ ਖਿਲਾਫ਼ ਆਈਪੀਸੀ ਦੀ ਧਾਰਾ 295 ਏ ਹੇਠ ਕੇਸ ਦਰਜ ਕਰਾਉਣ ਲਈ ਆਖਿਆ ਹੈ। ਉਨ੍ਹਾਂ ਇਸ ਸਬੰਧ ਵਿੱਚ ਯੂਐੱਨਓ ਕੋਲ ਵੀ ਦਰਖਾਸਤ ਦੇਣ ਅਤੇ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਵੀ ਭਾਰਤੀ ਸਫਾਰਤਖਾਨਿਆਂ ਨੂੰ ਰੋਸ ਪੱਤਰ ਦੇਣ ਲਈ ਆਖਿਆ ਹੈ।

ਇਸ ਫੈਸਲੇ ਤੋਂ ਬਾਅਦ ਸਿੱਖ ਕਾਰਕੁਨਾਂ ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਪਰਮਜੀਤ ਸਿੰਘ ਤੇ ਹੋਰਾਂ ਨੇ ਪੁਲੀਸ ਕੋਲ ਪ੍ਰਧਾਨ ਮੰਤਰੀ ਖ਼ਿਲਾਫ਼ ਸ਼ਿਕਾਇਤ ਦਿੱਤੀ।