ਐਸ.ਏ.ਐਸ. ਨਗਰ (ਮੁਹਾਲੀ), 12 ਜੁਲਾਈ
ਮੁਹਾਲੀ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ (ਕੈਪਟਨ) ਖ਼ਿਲਾਫ਼ ਸਰਕਾਰੀ ਗਵਾਹ ਬਣਨ ਦੀ ਬੀਰਦਵਿੰਦਰ ਸਿੰਘ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ 32 ਏਕੜ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸਿਆਸੀ ਆਗੂਆਂ ਅਤੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਹੈ।
ਹਾਲਾਂਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਹੋ ਚੁੱਕਿਆ ਹੈ ਪ੍ਰੰਤੂ ਪਿੱਛੇ ਜਿਹੇ ਵਿਜੀਲੈਂਸ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕੈਪਟਨ ਵਿਰੁੱਧ ਕੇਸ ਖ਼ਤਮ ਕਰਨ ਦੀ ਗੁਹਾਰ ਲਗਾਈ ਸੀ। ਵਿਜੀਲੈਂਸ ਦਾ ਕਹਿਣਾ ਸੀ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਇਸ ਕੇਸ ਦੀ ਨਵੇਂ ਸਿਰਿਓਂ ਕੀਤੀ ਗਈ ਪੜਤਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੋਈ ਵੀ ਠੋਸ ਸਬੂਤ ਨਹੀਂ ਮਿਲਿਆ ਹੈ ਲਿਹਾਜ਼ਾ ਕੈਪਟਨ ਵਿਰੁੱਧ ਜ਼ਮੀਨ ਘੁਟਾਲੇ ਦਾ ਦਰਜ ਕੇਸ ਦਰਜ ਖ਼ਤਮ ਕੀਤਾ ਜਾਵੇ। ਪ੍ਰੰਤੂ ਅਦਾਲਤ ਨੇ ਵਿਜੀਲੈਂਸ ਦੀ ਦਰਖਾਸਤ ਨਾ-ਮਨਜ਼ੂਰ ਕਰਕੇ ਵਿਜੀਲੈਂਸ ਨੂੰ ਮੁੜ ਨਵੇਂ ਸਿਰਿਓਂ ਜਾਂਚ ਕਰਨ ਲਈ ਆਖਿਆ ਸੀ।
ਉਧਰ, ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕੈਪਟਨ ਵਿਰੁੱਧ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕਰਕੇ ਕੈਪਟਨ ਦੀਆਂ ਪ੍ਰੇਸ਼ਾਨੀਆਂ ਵਧਾ ਦਿੱਤੀਆਂ ਸਨ। ਉਨ੍ਹਾਂ ਨੇ 21 ਪੰਨਿਆਂ ਦੀ ਪਟੀਸ਼ਨ ਦਾਇਰ ਕਰਕੇ ਅਤੇ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋ ਕੇ ਨਿਆਂਪਾਲਿਕਾ ਨੂੰ ਕੇਸ ਦੇ ਵੱਖ-ਵੱਖ ਪਹਿਲੂਆਂ ਅਤੇ ਅਸਲੀਅਤ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਗਵਾਹ ਬਣਾਉਣ ਦੀ ਗੁਹਾਰ ਲਗਾਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਵਿਜੀਲੈਂਸ, ਸਰਕਾਰੀ ਵਕੀਲ ਅਤੇ ਮੁਲਜ਼ਮ ਆਪਸ ਵਿੱਚ ਮਿਲੇ ਹੋਏ ਹਨ। ਇਸ ’ਤੇ ਅਦਾਲਤ ਨੇ ਵਿਜੀਲੈਂਸ ਅਤੇ ਸੂਬਾ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਆਖਿਆ ਸੀ। ਕਾਫੀ ਸਮੇਂ ਮਗਰੋਂ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਸੌਂਪੀ ਗਈ ਰਿਪੋਰਟ ਵਿੱਚ ਪਹਿਲੀ ਰਿਪੋਰਟ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਵਿਰੁੱਧ ਕੇਸ ਖਾਰਜ ਕਰਨ ਦੀ ਸਿਫਾਰਸ਼ ਕੀਤੀ ਗਈ। ਦੂਜੇ ਪਾਸੇ ਬੀਰਦਵਿੰਦਰ ਵੱਲੋਂ ਵਾਰ-ਵਾਰ ਉਨ੍ਹਾਂ ਨੂੰ ਸਰਕਾਰੀ ਗਵਾਹ ਬਣਾਉਣ ਅਤੇ ਕੇਸ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਇੱਕ ਵਾਰ ਉਨ੍ਹਾਂ ਦਾ ਪੱਖ ਸੁਣਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਪੇਸ਼ ਕੀਤੇ ਚਲਾਨ ਵਿੱਚ ਵੀ ਐਫ਼ਆਈਆਰ ਵਿੱਚ ਦਰਜ ਦੋਸ਼ਾਂ ਦਾ ਵੇਰਵਾ ਦਿੱਤਾ ਗਿਆ ਸੀ ਪ੍ਰੰਤੂ ਹੁਣ ਵਿਜੀਲੈਂਸ ਨੇ ਯੂ-ਟਰਨ ਲੈਂਦਿਆਂ ਖ਼ੁਦ ਹੀ ਮੁਲਜ਼ਮਾਂ ਖ਼ਿਲਾਫ਼ ਕੇਸ ਖ਼ਤਮ ਕਰਨ ਦੀ ਅਰਜ਼ੀ ਦਾਇਰ ਕਰ ਦਿੱਤੀ, ਜੋ ਕਿ ਸਰਾਸਰ ਗਲਤ ਹੈ। ਅੱਜ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਜੱਜ ਨੇ ਬੀਰਦਵਿੰਦਰ ਸਿੰਘ ਦੀ ਅਰਜ਼ੀ ਰੱਦ ਕਰਦਿਆਂ ਕੇਸ ਦੀ ਸੁਣਵਾਈ 18 ਜੁਲਾਈ ’ਤੇ ਅੱਗੇ ਪਾ ਦਿੱਤੀ। ਉਂਜ ਅੱਜ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਮੁਲਜ਼ਮ ਗੈਰਹਾਜ਼ਰ ਸਨ। ਕੈਪਟਨ ਨੇ ਆਪਣੇ ਵਕੀਲ ਰਾਹੀਂ ਅਰਜ਼ੀ ਦਾਇਰ ਕਰਕੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਗਈ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ।
ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਵਾਂਗਾ: ਬੀਰਦਵਿੰਦਰ
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅਦਾਲਤੀ ਫ਼ੈਸਲੇ ਤੋਂ ਬਾਅਦ ਟਿੱਪਣੀ ਕਰਦਿਆਂ ਕਿਹਾ ਕਿ ਉਹ ਏਨੀ ਜਲਦੀ ਮੈਦਾਨ ਛੱਡਣ ਵਾਲੇ ਨਹੀਂ ਹਨ ਅਤੇ ਕੈਪਟਨ ਦੇ ਪੈਰਾਂ ਵਿੱਚ ਬੇੜੀਆਂ ਪਾਉਣ ਲਈ ਆਖ਼ਰੀ ਦਮ ਤੱਕ ਕਾਨੂੰਨੀ ਲੜਾਈ ਲੜੀ ਜਾਵੇਗੀ। ਉਨ੍ਹਾਂ ਨੇ ਅੱਜ ਆਪਣੇ ਵਕੀਲ ਰਾਜੇਸ਼ ਗੁਪਤਾ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਤਾਜ਼ਾ ਫ਼ੈਸਲੇ ਦੀ ਕਾਪੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨੀ ਮਾਹਿਰਾਂ ਦੀ ਰਾਇ ਲੈ ਕੇ ਜ਼ਿਲ੍ਹਾ ਅਦਾਲਤ ਦੇ ਫ਼ੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਣਗੇ।