ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ ਹਨ। ਚੋਣਾਂ ‘ਚ ਮਿਲੀ ਬੁਰੀ ਹਾਰ ਤੋਂ ਬਾਅਦ ਹੁਣ ਦਿੱਲੀ ਪੁਲਿਸ ਨੇ ਕੇਜਰੀਵਾਲ ਅਤੇ ਹੋਰਾਂ ਖਿਲਾਫ ਐੱਫ.ਆਈ.ਆਰ.ਦਰਜ ਕੀਤੀ ਹੈ। ਇਹ ਐਫਆਈਆਰ ਪਬਲਿਕ ਪ੍ਰਾਪਰਟੀ ਐਕਟ ਦੀ ਕਥਿਤ ਉਲੰਘਣਾ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਰਾਉਸ ਐਵੇਨਿਊ ਕੋਰਟ ਵਿੱਚ ਇੱਕ ਪਾਲਣਾ ਰਿਪੋਰਟ ਦਾਇਰ ਕੀਤੀ ਹੈ ਅਤੇ ਦੱਸਿਆ ਹੈ ਕਿ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ ਨੂੰ ਤੈਅ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 11 ਮਾਰਚ ਨੂੰ ਦਿੱਲੀ ਦੀ ਅਦਾਲਤ ਨੇ ਦਿੱਲੀ ਵਿੱਚ ਵੱਡੇ ਹੋਰਡਿੰਗਜ਼ ਲਗਾਉਣ ਵਿੱਚ ਜਨਤਾ ਦੇ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਡਿਵੀਜ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇਹਾ ਮਿੱਤਲ ਨੇ ਕਿਹਾ ਸੀ ਕਿ ਇਸ ਅਦਾਲਤ ਦਾ ਵਿਚਾਰ ਹੈ ਕਿ ਇਹ ਅਰਜ਼ੀ ਸੀਆਰਪੀਸੀ ਦੀ ਧਾਰਾ 156 (3) ਤਹਿਤ ਸਵੀਕਾਰਯੋਗ ਹੈ।ਇਸ ਅਨੁਸਾਰ ਸਬੰਧਿਤ ਥਾਣਾ ਇੰਚਾਰਜ ਨੂੰ ਦਿੱਲੀ ਪ੍ਰੀਵੈਨਸ਼ਨ ਆਫ ਡੈਫੇਸਮੈਂਟ ਆਫ ਪ੍ਰਾਪਰਟੀ ਐਕਟ, 2007 ਦੀ ਧਾਰਾ 3 ਅਤੇ ਇਸ ਮਾਮਲੇ ਨਾਲ ਸਬੰਧਤ ਹੋਰ ਅਪਰਾਧਾਂ ਤਹਿਤ ਤੁਰੰਤ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸ ਦਈਏ ਕਿ ਸਾਲ 2019 ‘ਚ ਇਕ ਸ਼ਿਕਾਇਤ ‘ਚ ਦੋਸ਼ ਲਗਾਇਆ ਗਿਆ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਅਰਵਿੰਦ ਕੇਜਰੀਵਾਲ, ਮਟਿਆਲਾ ਤੋਂ ‘ਆਪ’ ਵਿਧਾਇਕ ਗੁਲਾਬ ਸਿੰਘ ਅਤੇ ਦਵਾਰਕਾ ਦੀ ਤਤਕਾਲੀ ਕੌਂਸਲਰ ਨੀਤਿਕਾ ਸ਼ਰਮਾ ਨੇ ਇਲਾਕੇ ‘ਚ ਕਈ ਥਾਵਾਂ ‘ਤੇ ਵੱਡੇ-ਵੱਡੇ ਹੋਰਡਿੰਗ ਲਗਾ ਕੇ ਜਨਤਾ ਦੇ ਪੈਸੇ ਦੀ ਬਰਬਾਦੀ ਕੀਤੀ ਸੀ।