ਜਲੰਧਰ, 24 ਜਨਵਰੀ
ਆਮ ਆਦਮੀ ਪਾਰਟੀ ਨੇ ‘ਇਕ ਮੌਕਾ ਕੇਜਰੀਵਾਲ ਨੂੰ’ ਦਿੱਤਾ ਨਾਅਰਾ ਬਦਲ ਕੇ ਪੰਜਾਬ ਦੇ ਲੋਕਾਂ ਨੂੰ ਨਵਾਂ ਨਾਅਰਾ ‘ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵਾਂਗੇ ਮੌਕਾ’ ਦਿੱਤਾ ਹੈ। ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨੇ ਉਮੀਦਵਾਰ ਭਗਵੰਤ ਮਾਨ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਸ਼ੁਰੂ ਕਰਦਿਆਂ ਆਪਣੇ ਪਿੱਛੇ ਲੱਗੇ ਨਾਅਰੇ ਦੇ ਬੋਰਡ ਵੱਲ ਇਸ਼ਾਰਾ ਕੀਤਾ ਕਿ ‘ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵਾਂਗੇ ਮੌਕਾ’। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਇਕ ਮੌਕਾ ਕੇਜਰੀਵਾਲ ਨੂੰ’ ਦੇ ਨਾਅਰੇ ਦੀ ਆਲੋਚਨਾ ਕਰਦੇ ਆ ਰਹੇ ਸਨ। ਭਗਵੰਤ ਮਾਨ ਨੇ ਪਾਰਟੀ ਦੇ ਇਸ ਨਵੇਂ ਨਾਅਰੇ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ। ਕਾਂਗਰਸ ’ਤੇ ਸਿਆਸੀ ਹੱਲਾ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦਾ ਵੀ ਡਬਲ ਇੰਜਣ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕਈ ਇੰਜਣ ਹਨ, ਜਿਹੜੇ ਆਪਸ ਵਿੱਚ ਹੀ ਟੱਕਰਾਂ ਮਾਰ ਰਹੇ ਹਨ। ਕਾਂਗਰਸ ਦੇ ਸਾਰੇ ਵੱਡੇ ਆਗੂ ਲੋਕਾਂ ਦੀਆਂ ਮੁਸ਼ਕਲਾਂ ਜਾਨਣ ਦੀ ਬਜਾਏ ਸੱਤਾ ਲਈ ਇੱਕ ਦੂਜੇ ਵਿਰੁੱਧ ਬਿਆਨਬਾਜ਼ੀ ਕਰਨ ਅਤੇ ਖਿੱਚੋਤਾਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਧੋਖਾ ਨਹੀਂ ਖਾਣਗੇ। ਹੁਣ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਵਧੀਆ ਬਦਲ ਮਿਲ ਗਿਆ ਹੈ।