ਅੰਮ੍ਰਿਤਸਰ, 30 ਦਸੰਬਰ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਦੇ ਰਾਜ ’ਚ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੂਬੇ ਵਿੱਚ ਡਰ ਦਾ ਮਾਹੌਲ ਹੈ ਕਿਉਂਕਿ ਇਥੇ ਰੋਜ਼ਾਨਾ ਕਤਲ ਹੋ ਰਹੇ ਹਨ। ਉਹ ਇਥੇ ਭਾਜਪਾ ਦੇ ਨਵੇਂ ਜ਼ਿਲ੍ਹੇ ਪ੍ਰਧਾਨ ਡਾ. ਹਰਵਿੰਦਰ ਸਿੰਘ ਸੰਧੂ ਦੇ ਅਹੁਦਾ ਸੰਭਾਲਣ ਦੀ ਰਸਮ ਵਿਚ ਸ਼ਾਮਲ ਹੋਣ ਆਏ ਸਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਵੇਲੇ ਸੂਬੇ ਨੂੰ 1980 ਦੇ ਦੌਰ ਵੱਲ ਧੱਕਿਆ ਜਾ ਰਿਹਾ ਹੈ। ਪੰਜਾਬ ਔਖੇ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦਾ ਅੰਮ੍ਰਿਤਸਰ ਵਿੱਚ ਮੇਅਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵੀ ਸਿਰ ’ਤੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਲਾਰਿਆਂ ਬਾਰੇ ਜਾਣ ਚੁੱਕੇ ਹਨ, ਇਸ ਲਈ ਆਉਣ ਵਾਲੇ ਸਮੇਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨੀ ਯਕੀਨੀ ਹੈ। ਇਸ ਦੌਰਾਨ ਭਾਜਪਾ ਅੰਮ੍ਰਿਤਸਰ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਹਰਵਿੰਦਰ ਸੰਧੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਭਾਜਪਾ ਦਫ਼ਤਰ ਪੁੱਜਣ ’ਤੇ ਅਸ਼ਵਨੀ ਸ਼ਰਮਾ ਦਾ ਢੋਲ, ਭੰਗੜੇ ਅਤੇ ਆਤਿਸ਼ਬਾਜ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨੂੰ ਵਧਾਈ ਦਿੱਤੀ।