ਨਵੀਂ ਦਿੱਲੀ, 9 ਮਾਰਚ

ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ‘ਆਪ’ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਸਿਸੋਦੀਆ ਨੂੰ ਈਡੀ ਨੇ ਤਿਹਾੜ ਜੇਲ੍ਹ ਵਿੱਚ ਦੂਜੇ ਦੌਰ ਦੀ ਪੁੱਛ-ਗਿੱਛ ਤੋਂ ਬਾਅਦ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਗ੍ਰਿਫ਼ਤਾਰ ਕੀਤਾ ਹੈ। ਈਡੀ ਵੱਲੋਂ ਸਿਸੋਦੀਆ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਈਡੀ ਨੇ ਸਿਸੋਦੀਆ ਤੋਂ ਪਹਿਲਾਂ 7 ਮਾਰਚ ਨੂੰ ਕਰੀਬ ਪੰਜ ਘੰਟਿਆਂ ਤੱਕ ਪੁੱਛ-ਗਿੱਛ ਕੀਤੀ ਸੀ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ’ਚ ਬੰਦ ਹੈ।