ਨਵੀਂ ਦਿੱਲੀ, 5 ਅਪਰੈਲ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿੱਚ ਜ਼ਮਾਨਤ ਲਈ ਅੱਜ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਵੱਲੋਂ ਭਲਕੇ ਵੀਰਵਾਰ ਨੂੰ ਸਿਸੋਦੀਆ ਦੀ ਅਰਜ਼ੀ ’ਤੇ ਸੁਣਵਾਈ ਕੀਤੀ ਜਾਵੇਗੀ। ਉਧਰ, ਦਿੱਲੀ ਹਾਈ ਕੋਰਟ ਨੇ ਮਾਣਹਾਨੀ ਮਾਮਲੇ ਵਿੱਚ ਭਾਜਪਾ ਆਗੂਆਂ ਦੀ ਪਟੀਸ਼ਨ ’ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜਵਾਬ ਦੇਣ ਲਈ ਅੱਜ ਮੋਹਲਤ ਦੇ ਦਿੱਤੀ ਹੈ। ਸਿਸੋਦੀਆ ਨੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਜਾਣ ਕਾਰਨ ਛੇ ਜਣਿਆਂ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ।