ਚੰਡੀਗੜ੍ਹ, 19 ਦਸੰਬਰ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ’ਤੇ ਬਦਲਾਲਊ ਕਾਰਵਾਈ ਤਹਿਤ ਕੰਮ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਜੇਕਰ ਕਿਸਾਨੀ ਅੰਦੋਲਨ ਦਾ ਸਾਥ ਦੇਣ ਵਾਲੇ ਵਪਾਰੀਆਂ ਜਾਂ ਆੜ੍ਹਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਤਾਂ ਕਿਸਾਨਾਂ ਵੱਲੋਂ ਆਮਦਨ ਕਰ ਵਿਭਾਗ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਨੇ ਦੱਸਿਆ ਕਿ ਕੇਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਟਾਲਾ ਵੱਟਣ ਦੇ ਨਾਲ ਨਾਲ ਇਨ੍ਹਾਂ ਕਾਨੂੰਨਾਂ ਨੂੰ ਸਹੀ ਠਹਰਾਉਣ ਲਈ ਪ੍ਰਚਾਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕਿਸਾਨਾਂ ਦੀ ਮਦਦ ਕਰ ਰਹੇ ਆੜ੍ਹਤੀਏ ਅਤੇ ਹੋਰ ਬਿਜ਼ਨੈਸਮੈਨਾਂ ਦੇ ਦਫ਼ਤਰਾਂ ਅਤੇ ਘਰਾਂ ਨੂੰ ਕੇਂਦਰੀ ਬਲਾਂ ਦੇ ਨਾਲ ਘੇਰ ਕੇ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ,‘‘ਅਸੀਂ ਇਸ ਵਰਤਾਰੇ ਦੀ ਨਿਖੇਧੀ ਕਰਦੇ ਹਾਂ ਤੇ ਸਰਕਾਰ ਨੂੰ ਇਹ ਕਾਰਵਾਈ ਤ਼ਰੰਤ ਬੰਦ ਕਰਨ ਦੀ ਚਿਤਾਵਨੀ ਦਿੰਦੇ ਹਾਂ।’’ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬਾਜ਼ ਨਾ ਆਈ ਤਾਂ ਇਨਕਮ ਟੈਕਸ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।